Amritpal Singh: ਡਿਬਰੂਗੜ੍ਹ ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖਤਰਾ! ਕੌਣ ਘੜ ਰਿਹਾ ਸਾਜਿਸ਼?
Amritpal Singh News: ਸੰਸਦ ਮੈਂਬਰ ਤੇ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਲਗਾਤਾਰ ਤੀਜੀ ਵਾਰ ਕੌਮੀ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਧਾਉਣ ਮਗਰੋਂ ਪੰਜਾਬ ਦਾ ਸਿਆਸੀ

Amritpal Singh News: ਸੰਸਦ ਮੈਂਬਰ ਤੇ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਲਗਾਤਾਰ ਤੀਜੀ ਵਾਰ ਕੌਮੀ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਧਾਉਣ ਮਗਰੋਂ ਪੰਜਾਬ ਦਾ ਸਿਆਸੀ ਪਾਰਾ ਚੜ੍ਹ ਗਿਆ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਸਣੇ ਕਈ ਪੰਥਕ ਧਿਰਾਂ ਸਰਕਾਰ ਖਿਲਾਫ ਉੱਠ ਖੜ੍ਹੀਆਂ ਹਨ। ਪੰਥਕ ਧਿਰਾਂ ਵੱਲੋਂ ਕੇਂਦਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਉਧਰ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਇਲਜ਼ਾਮ ਲਾਇਆ ਹੈ ਕਿ ਇੱਕ ਸਾਜ਼ਿਸ਼ ਤਹਿਤ ਅੰਮ੍ਰਿਤਪਾਲ ਸਿੰਘ ਖਿਲਾਫ ਲਾਏ ਗਏ ਕੌਮੀ ਸੁਰੱਖਿਆ ਐਕਟ ਦੀ ਮਿਆਦ ਵਧਾ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਇਕੱਲਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਜਿਵੇਂ ਬਾਕੀ ਹੋਰ ਸਿੱਖਾਂ ਨੂੰ ਐਨਐਸਏ ਦੀ ਮਿਆਦ ਪੂਰੀ ਹੋਣ ਮਗਰੋਂ ਪੰਜਾਬ ਲਿਆਂਦਾ ਗਿਆ ਹੈ ਤੇ ਇਸੇ ਤਰ੍ਹਾਂ 22 ਅਪਰੈਲ ਨੂੰ ਅੰਮ੍ਰਿਤਪਾਲ ਸਿੰਘ ਖਿਲਾਫ ਐਨਐਸਏ ਦੀ ਮਿਆਦ ਖਤਮ ਹੋਣ ’ਤੇ ਪੰਜਾਬ ਲਿਆਂਦਾ ਜਾਣਾ ਸੀ ਪਰ ਹੁਣ ਅਚਨਚੇਤੀ ਐਨਐਸਏ ਮੁੜ ਲਾ ਦਿੱਤੀ ਗਈ ਹੈ ਜੋ 23 ਅਪਰੈਲ ਤੋਂ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਇਸ ਦਾ ਮੁੱਖ ਕਾਰਨ 13 ਅਪਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਬੰਦੀ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਹੈ, ਜਿਸ ਵਿੱਚ ਵੱਡਾ ਇਕੱਠ ਹੋਇਆ ਸੀ। ਇਸ ਵੱਡੇ ਇਕੱਠ ਨੇ ਭਗਵੰਤ ਮਾਨ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ। ਇਸ ਦੇ ਸਿੱਟੇ ਵਜੋਂ ਸਰਕਾਰ ਨੇ ਡਰਦੇ ਮਾਰੇ ਐਨਐਸਏ ਮੁੜ ਲਾ ਦਿੱਤੀ ਹੈ ਜੋ ਕਿ ਉਸ ਦੇ ਜਮਹੂਰੀ, ਧਾਰਮਿਕ ਤੇ ਸੰਵਿਧਾਨਕ ਹੱਕਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲਿਸ ਵੀ ਕਾਨੂੰਨ ਮੁਤਾਬਕ ਕੰਮ ਨਹੀਂ ਕਰ ਰਹੀ। ਇੱਕ ਸਾਜ਼ਿਸ਼ ਤਹਿਤ ਜਾਣਬੁਝ ਕੇ ਉਸ ਦੀ ਐਨਐਸਏ ਵਧਾਈ ਗਈ ਹੈ ਤੇ ਇਸ ਤਹਿਤ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਇਕੱਲਾ ਕਰ ਦਿੱਤਾ ਗਿਆ ਹੈ ਜੋ ਚਿੰਤਾ ਦਾ ਵਿਸ਼ਾ ਹੈ।
ਉਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐਨਐਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਇਸ ਵਰਤਾਰੇ ਨੂੰ ਕਾਨੂੰਨ ਦੀ ਦੁਰਵਰਤੋਂ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਨਾਲ ਅਜਿਹਾ ਕਰ ਸਕਦੀ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ।
ਇਸ ਮਾਮਲੇ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਸਕੱਤਰੇਤ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਨੇ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚੁਣੇ ਗਏ ਨੁਮਾਇੰਦੇ ਵਿਰੁੱਧ ਐਨਐਸਏ ਤੁਰੰਤ ਹਟਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਤੇ ਵਿਸ਼ੇਸ਼ ਕਾਨੂੰਨ ਬਣਾਉਣ ਦੇ ਮਸਲੇ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ ਪਰ ਜੇਕਰ ਸਿੱਖਾਂ ਨੂੰ ਦਬਾਉਣ ਦੀ ਗੱਲ ਹੋਵੇ ਤਾਂ ਐਨਐਸਏ ਵਰਗੇ ਕਠੋਰ ਕਾਨੂੰਨਾਂ ਦੀ ਦੁਰਵਰਤੋਂ ਕਰਕੇ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਨਜ਼ਰਬੰਦ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।






















