Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸਤ 'ਚ ਹਲਚਲ
ਅੰਮ੍ਰਿਤਪਾਲ ਸਿੰਘ ਦੇ ਇਸ ਕਦਮ ਨੇ ਖੇਤਰੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦੀ ਪਾਰਟੀ ਦੇ ਮੁੱਦੇ ਸੂਬੇ ਵਿੱਚ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਤੇ ਪੰਜਾਬ ਦੀਆਂ ਸਥਾਨਕ ਸਮੱਸਿਆਵਾਂ ਜਿਵੇਂ ਬੇਰੁਜ਼ਗਾਰੀ, ਖੇਤੀ ਸੰਕਟ ਤੇ ਵਾਤਾਵਰਨ ਦੀ ਸੁਰੱਖਿਆ 'ਤੇ ਕੇਂਦਰਤ ਹੋਣਗੇ।
Amritpal Singh Announcement New Regional Party: ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਆਪਣੀ ਪਾਰਟੀ ਦਾ ਨਾਂਅ ਅਕਾਲੀ ਦਲ (ਸ਼੍ਰੀ ਆਨੰਦਪੁਰ ਸਾਹਿਬ) ਰੱਖਣ ਜਾ ਰਹੇ ਹਨ।
ਉਨ੍ਹਾਂ ਦੇ ਕਹਿਣ 'ਤੇ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ। ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ 'ਮਾਘੀ ਦੇ ਮੇਲੇ' ਦੌਰਾਨ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (Sarabjeet Singh Khalsa) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤਰੀ ਪਾਰਟੀ ਦਾ ਨਾਂ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਹੋਵੇਗਾ। ਇਸ ਮੌਕੇ 'ਪੰਥ ਬਚਾਓ, ਪੰਜਾਬ ਬਚਾਓ' ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਰੈਲੀ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਉਨ੍ਹਾਂ ਦੇ ਕਰੀਬੀ ਪਾਰਟੀ ਦਾ ਐਲਾਨ ਕਰਨਗੇ।
ਅੰਮ੍ਰਿਤਪਾਲ ਸਿੰਘ ਦੇ ਇਸ ਕਦਮ ਨੇ ਖੇਤਰੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦੀ ਪਾਰਟੀ ਦੇ ਮੁੱਦੇ ਸੂਬੇ ਵਿੱਚ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਤੇ ਪੰਜਾਬ ਦੀਆਂ ਸਥਾਨਕ ਸਮੱਸਿਆਵਾਂ ਜਿਵੇਂ ਬੇਰੁਜ਼ਗਾਰੀ, ਖੇਤੀ ਸੰਕਟ ਤੇ ਵਾਤਾਵਰਨ ਦੀ ਸੁਰੱਖਿਆ 'ਤੇ ਕੇਂਦਰਤ ਹੋਣਗੇ। ਇਸ ਦੇ ਨਾਲ ਹੀ ਉਹ ਨਸ਼ੇ ਖ਼ਿਲਾਫ਼ ਵੀ ਆਵਾਜ਼ ਉਠਾਉਣਗੇ।
ਸਿਆਸੀ ਮਾਹਿਰਾਂ ਮੁਤਾਬਕ ਇਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਚਿੰਤਾ ਦਾ ਪਲ ਹੈ, ਜੋ ਆਪਣੇ ਆਪ ਨੂੰ ਪੰਥ ਦੀ ਹਮਾਇਤੀ ਪਾਰਟੀ ਕਹਾਉਂਦਾ ਹੈ। ਅਕਾਲੀ ਦਲ (ਬਾਦਲ) ਕੋਲ ਸਿਰਫ਼ ਇੱਕ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat kaur Badal) ਹੈ। ਜਦੋਂਕਿ ਨਵੀਂ ਐਲਾਨੀ ਪਾਰਟੀ ਵਿੱਚ ਦੋ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਹਨ। ਦੂਜੇ ਪਾਸੇ ਅਕਾਲੀ ਦਲ ਦਾ ਬਾਗੀ ਧੜਾ ਇੱਕ ਵਾਰ ਫਿਰ ਬਾਗੀ ਸੁਰ ਅਪਣਾ ਰਿਹਾ ਹੈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਮੰਗ ਕਰ ਰਹੇ ਹਨ। ਜੇਕਰ ਅਜਿਹਾ ਨਾ ਹੋਇਆ ਤਾਂ ਬਾਗੀ ਧੜਾ ਵੀ ਵੱਖਰੀ ਪਾਰਟੀ ਬਣਾ ਸਕਦੇ ਹੈ।