Amritpal Singh's New Party: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਮਾਘੀ ਮੇਲੇ ਮੌਕੇ ਨਵੀਂ ਪੰਥਕ ਪਾਰਟੀ ਬਣਾਉਣ ਦਾ ਐਲਾਨ ਕਰਨ ਮਗਰੋਂ ਪੰਜਾਬ ਵਿੱਚ ਸਿਆਸੀ ਉਬਾਲ ਆ ਗਿਆ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਹਮਾਇਤੀਆਂ ਖਿਲਾਫ ਖੁੱਲ੍ਹ ਕੇ ਹਮਲਾ ਬੋਲਿਆ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਤੋਂ ਤੈਅ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਸਿਆਸੀ ਸਰਗਰਮੀਆਂ ਰਾਸ ਨਹੀਂ ਆ ਰਹੀਆਂ।
ਅੱਜ ਸਵੇਰੇ ਹੀ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਤੇ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਅੰਦਰ ਹੀ ਨਜ਼ਰਬੰਦ ਕਰ ਦਿੱਤਾ। ਤਰਸੇਮ ਸਿੰਘ ਨੇ ਕਿਹਾ, ‘‘ਇਹ ਬਹੁਤ ਵੱਡੀ ਧੱਕੇਸ਼ਾਹੀ ਹੈ। ਅਸੀਂ ਕੌਮੀ ਇਨਸਾਫ ਮੋਰਚੇ ਵਿੱਚ ਜਾਣ ਵਾਸਤੇ ਸੋਚ ਰਹੇ ਸੀ ਤੇ ਸਾਨੂੰ ਪੁਲਿਸ ਨੇ ਚਾਰੇ ਪਾਸਿਆਂ ਘੇਰਾ ਪਾ ਲਿਆ ਗਿਆ ਹੈ।’’ ਉਨ੍ਹਾਂ ਕਿਹਾ ਕਿ ‘ਲੋਕਤੰਤਰ ਵਿੱਚ’ ਉਨ੍ਹਾਂ ਨਾਲ ਬਹੁਤ ਧੱਕਾ ਹੋ ਰਿਹਾ ਹੈ। ਉਨ੍ਹਾਂ ਕਿਹਾ, ‘‘ਇਹੋ ਜਿਹੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਅਸੀਂ ਧੱਕੇਸ਼ਾਹੀ ਖਿਲਾਫ ਆਵਾਜ਼ ਵੀ ਨਹੀਂ ਬੁਲੰਦ ਕਰ ਸਕਦੇ।’’
ਉਧਰ, ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮਾਘੀ ਮੇਲੇ ਮੌਕੇ ਜੋ ਨਵੀਂ ਪਾਰਟੀ ਬਣਾਈ ਜਾ ਰਹੀ ਹੈ, ਇਹ ਸਭ ਕੁਝ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਨੀਤੀ ਤਹਿਤ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਪਰ ਇਹ ਲੋਕ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਨਹੀਂ ਮੰਨਦੇ। ਉਨ੍ਹਾਂ ਨੇ ਆਪਣੇ ਹੀ ਜਥੇਦਾਰ ਨਿਯੁਕਤ ਕੀਤੇ ਹੋਏ ਹਨ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਲਏ ਬਿਨਾਂ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ੍ਹ ਕੱਟੀ ਹੈ ਤੇ ਇੱਥੇ ਇੱਕ ਸਾਲ ਦੇ ਅੰਦਰ ਹੀ ਚੀਕਾਂ ਨਿਕਲ ਗਈਆਂ ਹਨ। ਉਨ੍ਹਾਂ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਤੋਂ ਸਰਬਜੀਤ ਖਾਲਸਾ ਸੰਸਦ ਮੈਂਬਰ ਬਣੇ ਹਨ, ਉਨ੍ਹਾਂ ਨੇ ਇੱਕ ਵਾਰ ਵੀ ਸਿੱਖਾਂ ਦੇ ਹੱਕਾਂ ਦੀ ਗੱਲ ਨਹੀਂ ਕੀਤੀ। ਉਹ ਕਿਸੇ ਦੇ ਸੁੱਖ-ਦੁੱਖ ਵਿੱਚ ਵੀ ਕਦੇ ਸ਼ਾਮਲ ਨਹੀਂ ਹੋਏ।
ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਪਾਰਟੀ ਦੇ ਐਲਾਨ ਤੋਂ ਪਹਿਲਾਂ ਹੀ ਅੜਿੱਕੇ ਡਾਹੇ ਜਾ ਰਹੇ ਹਨ। ਸਰਕਾਰ ਤੇ ਪ੍ਰਸ਼ਾਸਨ ਵੱਲੋਂ ਮਾਘੀ ਮੇਲੇ ਮੌਕੇ ਕੀਤੀ ਜਾਣ ਵਾਲੀ ਕਾਨਫਰੰਸ ਖ਼ਿਲਾਫ਼ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਕਾਨੂੰਨ ਦੇ ਘੇਰੇ ਹੇਠ ਹੈ ਤੇ ਇਸ ਵਿੱਚ ਕੁਝ ਵੀ ਸਰਕਾਰ ਜਾ ਦੇਸ਼ ਵਿਰੋਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਘੀ ਮੌਕੇ ਕੀਤੇ ਜਾਣ ਵਾਲੀ ਕਾਨਫਰੰਸ ਵਿੱਚ ਇੱਕ ਨਵੀਂ ਪੰਥਕ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਨਾਮ ਬਾਰੇ ਚਰਚਾ ਕੀਤੀ ਜਾ ਰਹੀ ਹੈ ਪਰ ਫਿਲਹਾਲ ਇਸ ਦਾ ਐਲਾਨ ਉਸ ਮੌਕੇ ਹੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ ਜੋ ਇਸ ਪੰਥਕ ਪਾਰਟੀ ਦੀ ਰੂਪਰੇਖਾ ਤੇ ਅਗਲੀ ਰਣਨੀਤੀ ਤੈਅ ਕਰੇਗੀ। ਨਵੀਂ ਪੰਥਕ ਪਾਰਟੀ ਬਣਾਉਣ ਦੇ ਮੰਤਵ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੂੰ ਇਸ ਵੇਲੇ ਲੋਕਾਂ ਨੇ ਨਕਾਰ ਦਿੱਤਾ ਹੈ। ਇਸ ਕਾਰਨ ਕੌਮ ਵੱਲੋਂ ਇੱਕ ਅਜਿਹੀ ਪਾਰਟੀ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ , ਜੋ ਸਿੱਖ ਰਾਜਨੀਤੀ ਦੀ ਦਸ਼ਾ ਅਤੇ ਦਿਸ਼ਾ ਨੂੰ ਨਿਰਧਾਰਿਤ ਕਰੇ। ਉਨ੍ਹਾਂ ਕਿਹਾ ਕਿ ਇਸ ਪੰਥਕ ਪਾਰਟੀ ਵਿੱਚ ਸਾਰੀਆਂ ਪੰਜਾਬ ਹਿਤੈਸ਼ੀ ਧਿਰਾਂ ਨੂੰ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਹੈ।
ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ ਦੀਆਂ ਅਹਿਮ ਮੰਗਾਂ ’ਤੇ ਧਿਆਨ ਦਿੱਤਾ ਜਾਵੇਗਾ ਕਿਉਂਕਿ ਇਸ ਵੇਲੇ ਪੰਜਾਬ ਦੇ ਹੱਕ ਖੁਸਦੇ ਜਾ ਰਹੇ ਹਨ ,ਜਿਨ੍ਹਾਂ ਨੂੰ ਬਚਾਉਣਾ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਨਵੀਂ ਪੰਥਕ ਪਾਰਟੀ ਵਿੱਚ ਨੌਜਵਾਨਾਂ ਤੇ ਨਵੇਂ ਚਿਹਰਿਆਂ ਨੂੰ ਤਰਜੀਹ ਦਿੱਤੀ ਜਾਵੇਗੀ, ਕਿਉਂਕਿ ਲੋਕ ਬੇਅਦਬੀ ਕਰਨ ਵਾਲਿਆਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਾਰਟੀ ਵਿੱਚ ਸਾਰੇ ਪੰਜਾਬੀ ਚਾਹੇ ਉਹ ਕਿਸੇ ਵੀ ਧਰਮ ਜਾਂ ਵਰਗ ਨਾਲ ਸਬੰਧਤ ਹੋਣ ਸ਼ਾਮਲ ਹੋ ਸਕਣਗੇ। ਕਾਨਫਰੰਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਸ਼ਾਮਲ ਹੋਣ ਦੀਆਂ ਚਰਚਾਵਾਂ ’ਤੇ ਰੋਕ ਲਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਸੰਭਾਵਨਾ ਨਹੀਂ।