Amritpal Singh News: ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਸ਼ਨੀਵਾਰ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਜਿੱਤ ਤੋਂ ਬਹੁਤ ਖੁਸ਼ ਹਨ ਤੇ ਉਨ੍ਹਾਂ ਨੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਹੈ।


'ਵਾਰਿਸ ਪੰਜਾਬ ਦੇ' ਦੇ ਮੁਖੀ ਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ, ''ਅੰਮ੍ਰਿਤਪਾਲ ਬਹੁਤ ਖੁਸ਼ ਹੈ ਤੇ ਸਾਨੂੰ ਵੀ ਮਿਲ ਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਨੇ ਸਹਿਯੋਗ ਦੇਣ ਵਾਲੀ ਸਾਰੀ ਸੰਗਤ ਦਾ ਧੰਨਵਾਦ ਕਰਨ ਲਈ ਕਿਹਾ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸੰਗਤਾਂ ਨੇ ਬਹੁਤ ਸਾਥ ਦਿੱਤਾ, ਇਹ ਵੇਖ ਕੇ ਬਹੁਤ ਚੰਗਾ ਲੱਗਾ।



ਖਡੂਰ ਸਾਹਿਬ ਸੀਟ ਤੋਂ ਕਿੰਨੀ ਵੋਟ ਮਿਲੀ?
ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਬਣੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਆਸਾਮ ਦੀ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾ ਕੇ ਸੀਟ ਜਿੱਤੀ ਹੈ। 


ਅੰਮ੍ਰਿਤਪਾਲ ਸਿੰਘ ਨੂੰ 4 ਲੱਖ 4 ਹਜ਼ਾਰ 430 ਵੋਟਾਂ ਮਿਲੀਆਂ, ਜਦੋਂ ਕਿ ਜੀਰਾ ਨੂੰ 2 ਲੱਖ 7 ਹਜ਼ਾਰ 310 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਇਸ ਸੀਟ 'ਤੇ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ 1 ਲੱਖ 94 ਹਜ਼ਾਰ 836 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੇ। ਜਦੋਂਕਿ ਭਾਜਪਾ ਦੇ ਮਨਜੀਤ ਸਿੰਘ ਮੰਨਾ ਨੂੰ ਸਿਰਫ਼ 86,373 ਵੋਟਾਂ ਮਿਲੀਆਂ।


ਦੱਸ ਦੇਈਏ ਕਿ ਪਿਛਲੇ ਸਾਲ ਅੰਮ੍ਰਿਤਪਾਲ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਲੈ ਕੇ ਵੱਡੀ ਮੁਹਿੰਮ ਚਲਾਈ ਸੀ। ਵਿਦੇਸ਼ਾਂ ਵਿੱਚ ਵੀ ਕਈ ਲੋਕਾਂ ਨੇ ਅੰਮ੍ਰਿਤਪਾਲ ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਤੇ ਜਾਂਚ ਏਜੰਸੀਆਂ ਹਰਕਤ 'ਚ ਆਈਆਂ ਤੇ ਕਈ ਦਿਨਾਂ ਦੀ ਭਾਲ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ। ਉਨ੍ਹਾਂ 'ਤੇ ਲੱਗੇ ਗੰਭੀਰ ਦੋਸ਼ਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਐਨਐਸਏ ਲਾਇਆ ਸੀ।