Amritpal Singh Arrest Operation : ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲਾ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹੈ। ਸੂਬੇ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਸੂਬਾ ਸਰਕਾਰ ਕੇਂਦਰ ਤੋਂ ਕੋਈ ਮਦਦ ਮੰਗੇਗੀ ਤਾਂ ਕੇਂਦਰ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਏਗੀ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਮਰਥਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਹੁਣ ਤੱਕ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਪੰਜਾਬ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਇੰਟਰਨੈੱਟ ਸੇਵਾ ਐਤਵਾਰ (19 ਮਾਰਚ) ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਭਗਵੰਤ ਮਾਨ ਸਰਕਾਰ ਨੇ ਇਸ ਪਿੱਛੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੱਤਾ ਹੈ।
ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਐਨਐਸਏ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਲਗਾਤਾਰ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਜਦੋਂ ਉਸ ਦਾ ਕਾਫ਼ਲਾ ਮਹਿਤਪੁਰ ਪੁੱਜਾ ਤਾਂ ਪੁਲੀਸ ਨੇ ਉਸ ਨੂੰ ਘੇਰ ਲਿਆ ਅਤੇ ਦੋ ਗੱਡੀਆਂ ਵਿੱਚ ਸਵਾਰ ਉਸ ਦੇ ਛੇ ਸਾਥੀਆਂ ਨੂੰ ਜਲੰਧਰ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ। ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਦੌਰਾਨ ਸਿੰਘ ਆਪਣੀ ਮਰਸਡੀਜ਼ ਕਾਰ ਛੱਡ ਕੇ ਰੂਪੋਸ਼ ਹੋ ਗਏ।
ਕੀ ਹੈ ਪੂਰਾ ਮਾਮਲਾ ?
ਵਾਰਿਸ ਪੰਜਾਬ ਦੇ ਮੁਖੀ ਸਿੰਘ ਦੇ ਕੁਝ ਸਮਰਥਕਾਂ ਨੇ ਸੋਸ਼ਲ ਮੀਡੀਆ 'ਤੇ ਕੁਝ ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਕਿ ਪੁਲਿਸ ਵਾਲੇ ਉਨ੍ਹਾਂ ਦਾ ਪਿੱਛਾ ਕਰ ਰਹੇ ਹਨ। ਇਕ ਵੀਡੀਓ 'ਚ ਅੰਮ੍ਰਿਤਪਾਲ ਨੂੰ ਗੱਡੀ 'ਚ ਬੈਠਾ ਵੀ ਦੇਖਿਆ ਜਾ ਸਕਦਾ ਹੈ ਅਤੇ ਉਸ ਦੇ ਇਕ ਸਾਥੀ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਪੁਲਸ ਵਾਲੇ 'ਭਾਈ ਸਾਹਬ' (ਅੰਮ੍ਰਿਤਪਾਲ) ਦੇ ਮਗਰ ਲੱਗੇ ਹੋਏ ਹਨ। ਦੱਸ ਦੇਈਏ ਕਿ ਪਿਛਲੇ ਮਹੀਨੇ ਅੰਮ੍ਰਿਤਪਾਲ ਅਤੇ ਉਸਦੇ ਸਮਰਥਕ ਤਲਵਾਰਾਂ ਅਤੇ ਹਥਿਆਰਾਂ ਨਾਲ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਅਜਨਾਲਾ ਥਾਣੇ ਵਿੱਚ ਦਾਖਲ ਹੋਏ ਸਨ। ਇਸ ਦੌਰਾਨ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਨੂੰ ਛੁਡਾਉਣ ਲਈ ਉਸ ਦੀ ਪੁਲਿਸ ਨਾਲ ਝੜਪ ਹੋ ਗਈ ਸੀ।