Amritpal Singh Poster: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ ਹਨ। ਇਨ੍ਹਾਂ ਪੋਸਟਰਾਂ ਅਨੁਸਾਰ ਜੋ ਵੀ ਅੰਮ੍ਰਿਤਪਾਲ ਦਾ ਪਤਾ ਦੱਸੇਗਾ ਉਸ ਨੂੰ ਯੋਗ ਇਨਾਮ ਦਿੱਤਾ ਜਾਵੇਗਾ। ਜਾਣਕਾਰੀ ਦੇਣ ਲਈ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਹੈ। ਪੋਸਟਰਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।


ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ 10 ਅਪ੍ਰੈਲ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਸੀ। ਪਪਲਪ੍ਰੀਤ ਨੂੰ ਪੰਜਾਬ ਪੁਲਿਸ ਅਤੇ ਇਸ ਦੀ ਕਾਊਂਟਰ-ਇੰਟੈਲੀਜੈਂਸ ਯੂਨਿਟ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਹਿਰਾਸਤ 'ਚ ਲਿਆ ਗਿਆ ਸੀ।


ਪੰਜਾਬ ਪੁਲਿਸ ਨੇ ਮੀਮ ਸਾਂਝਾ ਕੀਤਾ ਸੀ


ਪੰਜਾਬ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ 28 ਮਾਰਚ ਨੂੰ ਪੁਲਿਸ ਦੇ ਪਿੱਛਾ ਦੌਰਾਨ ਵੱਖ ਹੋ ਗਏ ਸਨ। ਉਦੋਂ ਤੋਂ ਦੋਵਾਂ ਵਿਚਾਲੇ ਕੋਈ ਸੰਪਰਕ ਨਹੀਂ ਹੋਇਆ ਹੈ। ਪੰਜਾਬ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਅੰਮ੍ਰਿਤਪਾਲ ਅਤੇ ਪਪਲਪ੍ਰੀਤ 27 ਮਾਰਚ ਨੂੰ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਦਾਨ ਸਿੰਘ ਪਿੰਡ ਨਦਲੋਂ, ਹੁਸ਼ਿਆਰਪੁਰ ਵਿਖੇ ਪਹੁੰਚੇ ਸਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਆਪਣੇ ਟਵਿੱਟਰ ਹੈਂਡਲ ਤੋਂ ਅੰਮ੍ਰਿਤਪਾਲ ਨੂੰ ਚੇਤਾਵਨੀ ਦਿੰਦੇ ਹੋਏ ਇੱਕ ਮੀਮ ਵੀਡੀਓ ਵੀ ਸ਼ੇਅਰ ਕੀਤਾ ਸੀ। ਇਸ ਵੀਡੀਓ 'ਤੇ ਲਿਖਿਆ ਸੀ ਕਿ ਤੁਸੀਂ ਭੱਜ ਸਕਦੇ ਹੋ ਪਰ ਕਾਨੂੰਨ ਦੇ ਹੱਥੋਂ ਨਹੀਂ ਬਚ ਸਕਦੇ।


ਅੰਮ੍ਰਿਤਪਾਲ ਹਾਲੇ ਤੱਕ ਹੈ ਫ਼ਰਾਰ


ਦਰਅਸਲ 18 ਮਾਰਚ ਨੂੰ ਅੰਮ੍ਰਿਤਪਾਲ ਜਲੰਧਰ ਜ਼ਿਲ੍ਹੇ ਦੀ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ। ਉਸ ਨੂੰ ਫੜਨਾ ਮੁਸ਼ਕਲ ਹੋ ਰਿਹਾ ਹੈ ਕਿਉਂਕਿ ਉਸ ਨੇ ਆਪਣੀ ਕਾਰ ਅਤੇ ਲੁੱਕ ਦੋਵੇਂ ਹੀ ਬਦਲ ਲਏ ਹਨ। ਉਸ ਦੇ ਸਾਰੇ ਸਾਥੀਆਂ ਖ਼ਿਲਾਫ਼ ਨਫ਼ਰਤ ਫੈਲਾਉਣ, ਕਤਲ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਆਦਿ ਦੇ ਕੇਸ ਦਰਜ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।