Waris punjab de: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਦੇ ਨੇੜਿਓਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ।
ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ 'ਚ ਲੈ ਲਿਆ ਹੈ। ਖ਼ਬਰਾਂ ਮੁਤਾਬਕ, ਅੰਮ੍ਰਿਤਪਾਲ ਨੂੰ ਨਕੋਦਰ ਤੋਂ ਹਿਰਾਸਤ 'ਚ ਲਿਆ ਗਿਆ। ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਪੁਲਿਸ ਅੰਮ੍ਰਿਤਪਾਲ ਨੂੰ ਜਲੰਧਰ ਲੈ ਕੇ ਜਾ ਰਹੀ ਹੈ। ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ। ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰਖੇੜਾ ਵਿੱਚ ਵੀ ਪੁਲਿਸ ਨੇ ਘੇਰਾ ਪਾਇਆ ਹੋਇਆ ਹੈ। ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ।ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ‘ਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਆਪਣੀ ਮਰਸਡੀਜ਼ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।
ਸਾਥੀਆਂ ਨੂੰ ਪਹਿਲਾਂ ਵੀ ਗ੍ਰਿਫਤਾਰ ਕੀਤਾ ਗਿਆ ਸੀ
ਦੱਸ ਦੇਈਏ ਕਿ ਪੁਲਿਸ ਨੇ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਦੇ ਖਿਲਾਫ ਕਾਰਵਾਈ ਕੀਤੀ ਸੀ। ਗੁਰਿੰਦਰ ਸਿੰਘ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਦੇਸ਼ ਛੱਡਣ ਜਾ ਰਿਹਾ ਸੀ। ਇਸ ਤੋਂ ਪਹਿਲਾਂ ਉਸ ਦੇ ਖਿਲਾਫ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਗੁਰਿੰਦਰ ਸਿੰਘ ਗੁਰੂ ਰਾਮਦਾਸ ਏਅਰਪੋਰਟ ਤੋਂ ਲੰਡਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਅਸਲਾ ਲਾਇਸੈਂਸ ਕੀਤਾ ਸੀ ਰੱਦ
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ ਕਾਰਵਾਈ ਕਰਦੇ ਹੋਏ ਪੰਜਾਬ ਪੁਲਸ ਨੇ ਉਸਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਪਹਿਲਾਂ ਹੀ ਰੱਦ ਕਰ ਦਿੱਤੇ ਹਨ। ਉਸ ਨੂੰ ਦੱਸਿਆ ਗਿਆ ਕਿ ਉਸ ਨੂੰ ਹਥਿਆਰਾਂ ਦੇ ਲਾਇਸੈਂਸ ਦਿੱਤੇ ਗਏ ਸਨ, ਜੋ ਸਵੈ-ਰੱਖਿਆ ਲਈ ਸਨ। ਕਿਸੇ ਦੀ ਨਿੱਜੀ ਸੁਰੱਖਿਆ ਲਈ ਨਹੀਂ।