Punjab News: ਮਾਘੀ ਮੇਲੇ ਦੀ ਕਾਨਫਰੰਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਸਟੇਜ ਤੋਂ ਜੈਕਾਰਿਆਂ ਦੀ ਗੂੰਜ ਹੇਠ ਪਾਰਟੀ ਦਾ ਨਾਂਅ ਅਕਾਲੀ ਦਲ (ਵਾਰਿਸ ਪੰਜਾਬ ਦੇ ) ਰੱਖਿਆ ਗਿਆ ਹੈ ਜਿਸ ਦਾ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਗਿਆ ਹੈ। ਇਸ ਪਾਰਟੀ ਵਿੱਚ ਅਗਲੇ ਤਿੰਨ ਮਹੀਨਿਆਂ ਵਿੱਚ ਨਵੀਂ ਭਰਤੀ ਕੀਤੀ ਜਾਵੇਗੀ ਜਿਸ ਤੋਂ ਬਾਅਦ ਵਿਸਾਖੀ ਮੌਕੇ ਪਾਰਟੀ ਦੇ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਜਾਵੇਗਾ।


ਜ਼ਿਕਰ ਕਰ ਦਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਅੰਮ੍ਰਿਤਪਾਲ 'ਤੇ NSA ਲਗਾਇਆ ਗਿਆ ਹੈ ਕਿਉਂਕਿ ਪ੍ਰਧਾਨ ਅੰਮ੍ਰਿਤਪਾਲ ਇਸ ਸਮੇਂ ਜੇਲ੍ਹ ਵਿੱਚ ਹਨ, ਇਸ ਲਈ ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਬਣਾਈ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਤੇ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਵੀ ਮੌਜੂਦ ਸਨ। ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਪਾਰਟੀ ਲਈ 3 ਨਾਮ ਚੋਣ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਇਸ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।


ਉਨ੍ਹਾਂ ਕਿਹਾ ਕਿ ਇਹ ਦੋ ਵਿਚਾਰਧਾਰਾਵਾਂ ਵਿਚਕਾਰ ਜੰਗ ਹੈ। ਦਿੱਲੀ ਦੀ ਇੱਕ ਵਿਚਾਰਧਾਰਾ ਹੈ, ਜੋ ਕਿਸਾਨਾਂ ਦੀਆਂ ਜਾਨਾਂ ਲੈ ਰਹੀ ਹੈ। ਦਿੱਲੀ ਦੀ ਸੋਚ ਸਿੱਖ ਭਾਈਚਾਰੇ ਨੂੰ ਨੁਕਸਾਨ ਪਹੁੰਚਾ ਰਹੀ ਹੈ। ਦਿੱਲੀ ਦੀ ਸੋਚ ਸਿੱਖਾਂ ਨੂੰ ਬੰਦੀ ਬਣਾ ਕੇ ਰੱਖਣਾ ਚਾਹੁੰਦੀ ਹੈ। ਦਿੱਲੀ ਦੀ ਸੋਚ ਪੰਥ ਤੇ ਪੰਜਾਬ ਨੂੰ ਨੁਕਸਾਨ ਪਹੁੰਚਾ ਰਹੀ ਹੈ। ਦਿੱਲੀ ਦੀ ਸੋਚ ਪੰਜਾਬ ਦੇ ਪਾਣੀ ਨੂੰ ਲੁੱਟਣਾ ਚਾਹੁੰਦੀ ਹੈ।


ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸਿਆਸੀ ਪਾਰਟੀ ਬਣਾਉਣਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਸਭ ਤੋਂ ਵੱਡੀ ਚੁਣੌਤੀ ਹੈ। ਅਕਾਲੀ ਦਲ ਹੁਣ ਤੱਕ ਪੰਥ ਦੀ ਨੁਮਾਇੰਦਗੀ ਕਰਦਾ ਆ ਰਿਹਾ ਹੈ ਪਰ ਸਾਲ 2015 ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇ ਮੁੱਦੇ 'ਤੇ ਅਕਾਲੀ ਦਲ ਦਾ ਗ੍ਰਾਫ ਤੇਜ਼ੀ ਨਾਲ ਡਿੱਗਿਆ ਹੈ। ਪੰਥਕ ਵੋਟ ਬੈਂਕ ਅਕਾਲੀ ਦਲ ਤੋਂ ਦੂਰ ਹੋ ਗਿਆ ਹੈ। ਇਹ ਪੰਥਕ ਵੋਟ ਬੈਂਕ ਨਵੇਂ ਬਦਲ ਦੀ ਤਲਾਸ਼ ਵਿੱਚ ਹੈ। 



ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਪੰਜਾਬ ਦੀ ਰਾਜਨੀਤੀ 'ਤੇ ਪ੍ਰਭਾਵ ਤਾਂ ਜ਼ਰੂਰ ਪਵੇਗਾ। ਪੰਥਕ ਵੋਟਰਾਂ ਨੇ ਜਿਸ ਤਰ੍ਹਾਂ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਨੂੰ ਆਜ਼ਾਦ ਚੋਣਾਂ ਜਿਤਵਾਈਆਂ ਹਨ, ਉਨ੍ਹਾਂ ਦੀ ਪਾਰਟੀ ਦੇ ਗਠਨ ਤੋਂ ਬਾਅਦ ਸਿੱਖ ਵੋਟ ਬੈਂਕ ਦਾ ਉਨ੍ਹਾਂ ਵੱਲ ਝੁਕਾਅ ਵਧ ਸਕਦਾ ਹੈ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਧਾ ਨੁਕਸਾਨ ਹੋਵੇਗਾ। ਉਂਝ, ਇਹ ਸਭ ਇੰਨਾ ਸੌਖਾ ਨਹੀਂ ਹੋਏਗਾ ਕਿਉਂਕਿ ਇਸ ਤੋਂ ਪਹਿਲਾਂ ਵੀ ਕਈ ਸਿੱਖ ਪਾਰਟੀਆਂ ਬਣੀਆਂ ਪਰ ਉਹ ਸਫਲ ਨਹੀਂ ਹੋ ਸਕੀਆਂ।



ਪੰਜਾਬ ਦੀ ਮੁੱਖ ਸਿਆਸੀ ਧਿਰ ਰਹੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਇਸ ਵੇਲੇ ਇਹ ਹਾਲ ਹੈ ਕਿ ਉਸ ਕੋਲ ਸਿਰਫ਼ ਇੱਕ ਹੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਹੈ। ਦੂਜੇ ਪਾਸੇ ਲੰਬੇ ਸਮੇਂ ਮਗਰੋਂ ਪੰਥਕ ਵੋਟ ਦਾ ਝੁਕਾਅ ਗਰਮ ਖਿਆਲੀਆਂ ਵੱਲ ਵਧ ਰਿਹਾ ਹੈ। ਇਸ ਦੀ ਮਿਸਾਲ ਲੋਕ ਸਭਾ ਚੋਣਾਂ ਵਿੱਚ ਮਿਲੀ ਸੀ। ਪੰਥਕ ਵੋਟਰਾਂ ਨੇ ਅਕਾਲੀ ਦਲ ਨੂੰ ਨਾਕਾਰ ਕੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਨੂੰ ਸੰਸਦ ਮੈਂਬਰ ਬਣਾਇਆ ਸੀ। ਦੋਵਾਂ ਨੇ ਆਜ਼ਾਦ ਉਮੀਦਵਾਰਾਂ ਵਜੋਂ ਚੋਣਾਂ ਜਿੱਤੀਆਂ ਸਨ।