Punjab News: ਬਰਗਾੜੀ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲਗਾਤਾਰ ਵਾਅਦੇ ਕਰਨ ਦੇ ਬਾਵਜੂਦ ਇਨਸਾਫ ਨਾ ਮਿਲਣ ਕਰਕੇ ਸਿੱਖ ਸੰਗਤ ਤੇ ਪੀੜਤਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਨਸਾਫ਼ ਮੋਰਚਾ ਤੇ ਪੀੜਤ ਪਰਿਵਾਰਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਫਰੀਦਕੋਟ ਵਿੱਚ ਧਰਨਾਕਾਰੀਆਂ ਨੇ ਹਾਈਵੇਅ ਦੇ ਇੱਕ ਪਾਸੇ ਟੈਂਟ ਲਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਇਨਸਾਫ਼ ਮਿਲਣ ਤੋਂ ਬਾਅਦ ਹੀ ਉੱਠਣਗੇ। ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਦੇ ਭਰੋਸੇ ਮਗਰੋਂ ਅਜੇ ਤੱਕ ਸੰਘਰਸ਼ ਸ਼ਾਂਤ ਸੀ ਪਰ ਹੁਣ ਸਿੱਖ ਸੰਗਤਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ।
ਇੱਥੇ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰਵਿਜੇ ਪ੍ਰਤਾਪ ਨੇ ਇਸ ਮਾਮਲੇ ਵਿੱਚ ਕਾਰਵਾਈ ਨਾ ਹੋਣ ਕਾਰਨ ਵਿਧਾਨ ਸਭਾ ਦੀ ਟਰੱਸਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਸਪੀਕਰ ਨੂੰ ਭੇਜ ਦਿੱਤਾ ਸੀ ਪਰ ਉਨ੍ਹਾਂ ਨੇ ਮਨਜ਼ੂਰ ਨਹੀਂ ਕੀਤਾ ਸੀ।
ਆਪਣੇ ਅਸਤੀਫੇ ਵਿੱਚ ਵਿਧਾਇਕ ਨੇ ਲਿਖਿਆ ਸੀ ਕਿ ਬੇਅਦਬੀ ਦੇ ਮੁੱਦੇ 'ਤੇ ਵਿਧਾਨ ਸਭਾ 'ਚ ਇਕ ਦਿਨ ਰੱਖਿਆ ਜਾਵੇ ਤਾਂ ਜੋ ਬੇਅਦਬੀ ਮਾਮਲੇ 'ਚ ਜਲਦੀ ਕਾਰਵਾਈ ਕਰਕੇ ਪੀੜਤਾਂ ਨੂੰ ਇਨਸਾਫ ਮਿਲ ਸਕੇ ਪਰ ਸਪੀਕਰ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ।
ਯਾਦ ਰਹੇ ਬਹਿਬਲ ਕਲਾਂ ਗੋਲੀਕਾਂਡ ਵਿੱਚ ਪਿੰਡ ਸਰਾਵਾਂ ਦੇ ਗੁਰਜੀਤ ਸਿੰਘ ਤੇ ਬਹਿਬਲ ਖੁਰਦ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਵੀ ਸੀਬੀਆਈ ਨੂੰ ਸੌਂਪੀ ਗਈ ਸੀ ਪਰ ਫਰਵਰੀ 2021 ਵਿੱਚ ਸੀਬੀਆਈ ਤੋਂ ਜਾਂਚ ਲੈ ਕੇ ਐਸਆਈਟੀ ਨੂੰ ਸੌਂਪ ਦਿੱਤੀ ਗਈ ਸੀ। ਇਸ ਦੇ ਬਾਵਜੂਦ ਅਜੇ ਤੱਕ ਇਸ ਮਾਮਲੇ ਦੀ ਸੱਚਾਈ ਸਾਹਮਣੇ ਨਹੀਂ ਆ ਸਕੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।