ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਬਰਖਾਸਤ ਕੀਤੇ ਗਏ ਤਿੰਨ ਮੁਲਾਜ਼ਮਾਂ ਨੂੰ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਸ਼ੁੱਕਰਵਾਰ ਨੂੰ ਜੁਆਇਨ ਨਹੀਂ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਦੇ ਹੁਕਮਾਂ ਦੀ ਸਮੀਖਿਆ ਕਰਨ ਅਤੇ ਕਾਨੂੰਨੀ ਰਾਏ ਲੈਣ ਲਈ ਹੁਕਮਾਂ ਦੀ ਕਾਪੀ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਿਭਾਗ ਨੂੰ ਭੇਜ ਦਿੱਤੀ ਗਈ ਹੈ।

 

ਸਾਲ 2020 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਵਿਸ਼ੇਸ਼ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਗਾਇਬ ਹਨ। ਇਸ ਮਾਮਲੇ ਸਬੰਧੀ 21 ਅਗਸਤ 2020 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਹੁਕਮ ਜਾਰੀ ਕੀਤੇ ਸਨ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਸਾਰੇ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ।

 

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਨੇ 27 ਅਗਸਤ 2020 ਨੂੰ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਕੀਤੀ, ਕੁਝ ਮੁਲਾਜ਼ਮਾਂ ਨੂੰ ਮੁਅੱਤਲ ਅਤੇ ਕੁਝ ਨੂੰ ਬਰਖਾਸਤ ਕਰ ਦਿੱਤਾ। ਜਿਨ੍ਹਾਂ ਵਿੱਚ ਮੁਲਾਜ਼ਮ ਗੁਰਬਚਨ ਸਿੰਘ, ਬਾਜ਼ ਸਿੰਘ ਅਤੇ ਦਲਬੀਰ ਸਿੰਘ ਵੀ ਸ਼ਾਮਲ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਵਿਰੁੱਧ ਸਤੰਬਰ 2020 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ।

 

ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ 22 ਮਾਰਚ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਪ੍ਰਭਾਵਿਤ ਕਰਮਚਾਰੀਆਂ ਦਾ ਪੱਖ ਜਾਣੇ ਬਿਨਾਂ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰਨਾ ਗਲਤ ਹੈ। ਇਹ ਮੁਲਾਜ਼ਮ ਅਦਾਲਤ ਦੇ ਹੁਕਮਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਐਸਜੀਪੀਸੀ ਦੇ ਚੀਫ਼ ਸੁਪਰਡੈਂਟ ਮਲਕੀਤ ਸਿੰਘ ਕੋਲ ਪਹੁੰਚਿਆ। ਉਨ੍ਹਾਂ ਇਨ੍ਹਾਂ ਮੁਲਾਜ਼ਮਾਂ ਦਾ ਮਾਮਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਸਤਬੀਰ ਸਿੰਘ ਧਾਮੀ ਕੋਲ ਪਹੁੰਚਾਇਆ। ਅਦਾਲਤ ਦੇ ਹੁਕਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਆਪਣੀ ਰਾਏ ਲਈ ਆਪਣੇ ਕਾਨੂੰਨੀ ਵਿਭਾਗ ਨੂੰ ਭੇਜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸਤਬੀਰ ਸਿੰਘ ਦਾ ਕਹਿਣਾ ਹੈ ਕਿ ਇਹ ਮਾਮਲਾ ਕਾਨੂੰਨ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ।