ਅੰਮ੍ਰਿਤਸਰ : 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿੱਚ ਦਾਖ਼ਲ ਹੋਏ ਕਰਮਜੀਤ ਸਿੰਘ ਗਿੱਲ ਦੀ ਜ਼ਮਾਨਤ ਅਰਜ਼ੀ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਡੀਐਸ ਰਲਹਨ ਨੇ ਰੱਦ ਕਰ ਦਿੱਤੀ ਹੈ। ਇਸ ਸਬੰਧੀ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕਰਮਜੀਤ ਸਿੰਘ ਗਿੱਲ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ ਦਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੋਈ ਇਰਾਦਾ ਨਹੀਂ ਸੀ, ਸਗੋਂ ਉਹ ਆਪਣੇ ਸਿਆਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਪੂਜਾ ਕਰਨ ਗਿਆ ਸੀ, ਜੋ ਕਿ ਇੱਕ ਅਪਰਾਧ ਨਹੀਂ ਹੈ।

ਓਥੇ ਹੀ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਧਾਰਾ 153-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸਰਕਾਰੀ ਵਕੀਲ ਅੰਜੂ ਸ਼ਰਮਾ ਅਤੇ ਸ਼੍ਰੋਮਣੀ ਕਮੇਟੀ ਦੇ ਵਕੀਲ ਭਗਵੰਤ ਸਿਆਲਕਾ ਅਤੇ ਮਨਜੀਤ ਸਿੰਘ ਛੀਨਾ ਸਮੇਤ ਸਵਜੀਤ ਸਿੰਘ ਸਿਆਲਕਾ, ਰੋਹਿਤ ਸ਼ਰਮਾ, ਸੁਖਰਾਜ ਸਿੰਘ ਮਾਨ ਅਤੇ ਗੁਰਪ੍ਰੀਤ ਸਿੰਘ ਬਾਸਰਕੇ ਨੇ ਪੇਸ਼ ਹੋ ਕੇ ਦਲੀਲ ਦਿੱਤੀ ਕਿ ਕਥਿਤ ਦੋਸ਼ੀ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਣ ਨਹੀਂ ਗਿਆ ਸੀ , ਸਗੋਂ ਫਿਰਕੂ ਭਾਵਨਾਵਾਂ ਭੜਕਾਉਣ ਲਈ ਗਿਆ ਸੀ।


 

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਵਿਅਕਤੀ ਨੇ ਆਪਣੇ ਸਿਆਸੀ ਗੁਰੂ ਦੀ ਤਸਵੀਰ ਵਾਲਾ ਕੇਕ ਕੱਟਿਆ ਸੀ, ਜਿਸ ਤੋਂ ਬਾਅਦ ਉਸ ਨੂੰ ਧਮਕੀਆਂ ਮਿਲੀਆਂ ਸਨ ਅਤੇ ਪੁਲਿਸ ਨੇ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਸੀ। ਇਹ ਵਿਅਕਤੀ ਪਹਿਲਾਂ ਦੂਸਰੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਅੰਦਰ ਦਾਖ਼ਲ ਹੋਇਆ ਸੀ ਪਰ ਬਾਅਦ ਵਿਚ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ 'ਚ ਦਾਖ਼ਲ ਹੋ ਕੇ ਤਸਵੀਰਾਂ ਖਿੱਚੀਆਂ। 

 

ਜਿਸ ਨੂੰ ਬਾਅਦ ਵਿਚ ਉਸ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤਾ। ਉਹ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਨਹੀਂ ਗਿਆ ਸੀ, ਜਿਸ ਤੋਂ ਸਪੱਸ਼ਟ ਹੈ ਕਿ ਉਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਹੀ ਗਿਆ ਸੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।