ਚੰਡੀਗੜ੍ਹ: ਇੰਗਲੈਂਡ ਦੇ ਪਹਿਲੇ ਪਗੜੀਧਾਰੀ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਨੇ ਦੱਸਿਆ ਕਿ ਏਅਰ ਇੰਡੀਆ ਨਵੰਬਰ ਵਿੱਚ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਉਡਾਣ ਹਾਲ ਦੀ ਘੜੀ ਹਫ਼ਤੇ ਵਿੱਚ ਤਿੰਨ ਦਿਨ ਹੋਵੇਗੀ। ਯਾਤਰੂਆਂ ਦੇ ਰੁਝਾਨ ਨੂੰ ਦੇਖਦਿਆਂ ਇਸ ਦਾ ਸਮਾਂ ਵਧਾਇਆ ਵੀ ਜਾ ਸਕਦਾ ਹੈ।

ਤਨਮਨਜੀਤ ਸਿੰਘ ਨੇ ਦੱਸਿਆ ਕਿ ਏਅਰ ਇੰਡੀਆ ਨੇ ਇਹ ਫ਼ੈਸਲਾ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਦੱਸਿਆ ਕਿ ਲੰਡਨ ਨੇੜਲੇ ਸਟੈਂਸਟਡ ਹਵਾਈ ਅੱਡੇ ਤੋਂ ਇਹ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਤਨਮਨਜੀਤ ਸਿੰਘ ਨੇ ਇੰਗਲੈਂਡ ਤੇ ਭਾਰਤ ਦੇ ਉਨ੍ਹਾਂ ਪਾਰਲੀਮੈਂਟ ਮੈਂਬਰਾਂ ਦਾ ਧੰਨਵਾਦ ਵੀ ਕੀਤਾ, ਜਿਹੜੇ ਇਸ ਉਡਾਣ ਨੂੰ ਸ਼ੁਰੂ ਕਰਾਉਣ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਸਨ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਕਾਸ ਮੰਚ, ਸੇਵਾ ਟਰੱਸਟ ਯੂਕੇ ਤੇ ਹੋਰ ਸੰਸਥਾਵਾਂ ਨੇ ਵੀ ਲੰਡਨ ਤੋਂ ਅੰਮ੍ਰਿਤਸਰ ਵਿਚ ਸਿੱਧੀ ਉਡਾਣ ਸ਼ੁਰੂ ਕਰਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਹਵਾਈ ਮਾਰਗ ਪੰਜਾਬੀ ਭਾਈਚਾਰੇ ਲਈ ਕਾਰੋਬਾਰ ਦੇ ਨਵੇਂ ਰਾਹ ਖੋਲ੍ਹੇਗਾ।