Amritsar News: ਪੰਜਾਬ ਵਿੱਚ ਦਿਨ ਪ੍ਰਤੀ ਦਿਨ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਹੈ। ਆਏ ਦਿਨ ਹੀ ਗੋਲੀ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਧਾਰਾ 144 ਲੱਗੀ ਹੋਣ ਦੇ ਬਾਵਜੂਦ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। 


ਹਾਸਲ ਜਾਣਕਾਰੀ ਮੁਤਾਬਕ ਇਹ ਮਾਮਲਾ ਥਾਣਾ ਗੇਟ ਹਕੀਮਾ ਅਧੀਨ ਆਉਂਦੇ ਇਲਾਕਾ ਅਮਨ ਐਵਨਿਊ ਦਾ ਹੈ ਜਿੱਥੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਸਬੰਧ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਬੇਟੇ ਤੇ ਗੋਲੀ ਚਲਾਈ ਗਈ ਹੈ, ਉਨ੍ਹਾਂ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਹੈ।


ਉਨ੍ਹਾਂ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਦਾ ਬੇਟਾ ਰਾਹੁਲ ਅਮਨ ਐਵਨਿਊ ਨਜ਼ਦੀਕ ਪਹੁੰਚਿਆ ਤਾਂ ਭੱਟੀ ਨਾਮਕ ਵਿਅਕਤੀ ਵੱਲੋਂ ਬਿਨਾਂ ਕਿਸੇ ਗੱਲ ਤੋਂ ਬਹੁਤ ਬਹਿਸਬਾਜੀ ਸ਼ੁਰੂ ਕਰ ਦਿੱਤੀ। ਉਸ ਨੂੰ ਇਸ ਜਗ੍ਹਾ ਤੇ ਖੜ੍ਹੇ ਹੋਣ ਨੂੰ ਲੈ ਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਭੱਟੀ ਵੱਲੋਂ ਉਨ੍ਹਾਂ ਦੇ ਬੇਟੇ ਰਾਹੁਲ ਤੇ ਗੋਲੀ ਚਲਾਈ ਗਈ ਜੋ ਰਾਹੁਲ ਦੇ ਲੱਗੀ ਜਿਸ ਨਾਲ ਉਸ ਦੀ ਮੌਤ ਹੋ ਗਈ।



ਦੂਜੇ ਪਾਸੇ ਇਸ ਮਾਮਲੇ ਵਿੱਚ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਝਗੜਾ ਹੋਣ ਦੀ ਖਬਰ ਸਾਹਮਣੇ ਆਈ ਸੀ। ਇਸ ਵਿੱਚ ਇੱਕ ਨੌਜਵਾਨ ਦੀ ਮੌਤ ਹੋਈ ਹੈ। ਪਰਿਵਾਰ ਵੱਲੋਂ ਬਿਆਨ ਨਹੀਂ ਆਏ ਪਰ ਪੁਲਿਸ ਵੱਲੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪਰਿਵਾਰ ਵੱਲੋਂ ਜੋ ਬਿਆਨ ਲਿਖਾਏ ਜਾਣਗੇ, ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।