Amritsar News: ਸ਼੍ਰੋਮਣੀ ਕਮੇਟੀ ਸ਼੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦਾ ਪ੍ਰਸਾਰਣ ਯੂ-ਟਿਊਬ ਚੈਨਲ ਰਾਹੀਂ ਕਰਨ ਦੀ ਪਲਾਨਿੰਗ ਕਰ ਰਹੀ ਹੈ। ਇਹ ਪ੍ਰਸਾਰਣ ਜੁਲਾਈ ਤੋਂ ਸ਼ੁਰੂ ਹੋ ਸਕਦਾ ਹੈ ਕਿਉਂਕਿ ਇੱਕ ਪ੍ਰਾਈਵੇਟ ਚੈਨਲ ਨਾਲ ਕੀਰਤਨ ਦੇ ਪ੍ਰਸਾਰਣ ਦਾ ਕਰਾਰ ਜੁਲਾਈ ਵਿੱਚ ਖਤਮ ਹੋ ਰਿਹਾ ਹੈ। ਉਂਝ ਸ਼੍ਰੋਮਣੀ ਕਮੇਟੀ ਨੇ ਇਸ ਬਾਰੇ ਅਜੇ ਕੋਈ ਐਲਾਨ ਨਹੀਂ ਕੀਤਾ ਹੈ।


ਹਾਸਲ ਜਾਣਕਾਰੀ ਮੁਤਾਬਕ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਫਿਲਹਾਲ ਆਪਣੇ ਇੱਕ ਯੂ-ਟਿਊਬ ਚੈਨਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਸ਼ੁਰੂ ਕਰਨ ਦੀ ਤਜਵੀਜ਼ ਹੈ। ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਵਿੱਚ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ, ਜੋ ਇਸ ਸਬੰਧੀ ਮੁੱਢਲੀਆਂ ਤਿਆਰੀਆਂ ਬਾਰੇ ਲਗਾਤਾਰ ਵਿਚਾਰ-ਚਰਚਾ ਕਰ ਰਹੀ ਹੈ। 



ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਇਸ ਚੈਨਲ ’ਤੇ ਫਿਲਹਾਲ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਜੁਲਾਈ ਵਿੱਚ ਇਸ ਯੂਟਿਊਬ ਚੈਨਲ ਤੋਂ ਗੁਰਬਾਣੀ ਦਾ ਪ੍ਰਸਾਰਣ ਵੀ ਕੀਤਾ ਜਾ ਸਕਦਾ ਹੈ। ਉਂਝ ਇਸ ਤੋਂ ਪਹਿਲਾਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਇੱਕ ਨਿੱਜੀ ਟੀਵੀ ਚੈਨਲ ਵੱਲੋਂ ਕੀਤਾ ਜਾ ਰਿਹਾ ਹੈ।  ਇਸ ਚੈਨਲ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸਮਝੌਤਾ ਕੀਤਾ ਹੋਇਆ ਸੀ, ਜੋ ਜੁਲਾਈ ਮਹੀਨੇ ਵਿੱਚ ਖਤਮ ਹੋ ਰਿਹਾ ਹੈ।



ਦਰਅਸਲ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੀ-ਘੇਰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੁਦ ਹੀ ਘਿਰਦੀ ਜਾ ਰਹੀ ਹੈ। ਬੇਸ਼ੱਕ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਵੱਲੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ ਵਿੱਚ ਸੋਧ ਦਾ ਵਿਰੋਧ ਕਰ ਰਹੀਆਂ ਹਨ ਪਰ ਨਾਲ ਹੀ ਸਵਾਲ ਉਠ ਖੜ੍ਹਾ ਹੈ ਕਿ ਆਖਰ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਚੈਨਲ ਕਿਉਂ ਨਹੀਂ ਖੋਲ੍ਹ ਰਹੀ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸੋਮਵਾਰ ਨੂੰ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਗੁਰਬਾਣੀ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਚੰਗਾਲ, ਅਮਰੀਕ ਸਿੰਘ ਸ਼ਾਹਪੁਰ, ਰਾਮਪਾਲ ਸਿੰਘ ਬਹਿਣੀਵਾਲ ਤੇ ਨਿਰਮੈਲ ਸਿੰਘ ਜੌਲਾਂ ਦੀ ਸ਼ਮੂਲੀਅਤ ਵਾਲੇ ਵਫ਼ਦ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਵੀ ਸੌਂਪਿਆ।