Amritsar News: ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਕੇਸ 'ਤੇ ਐਨਆਈਏ ਦੀ ਨਜ਼ਰ, ਅਜੇ ਸਿਰਫ ਸੰਦੀਪ ਸਿੰਘ ਖਿਲਾਫ ਕੇਸ
ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਮਾਮਲੇ ਨੂੰ ਸੁਰੱਖਿਆ ਏਜੰਸੀਆਂ ਕਈ ਪੱਖਾਂ ਤੋਂ ਵੇਖ ਰਹੀਆਂ ਹਨ। ਬੇਸ਼ੱਕ ਇਸ ਮਾਮਲੇ ਦੀ ਜਾਂਚ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾਵੇਗੀ...
Amritsar News: ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਮਾਮਲੇ ਨੂੰ ਸੁਰੱਖਿਆ ਏਜੰਸੀਆਂ ਕਈ ਪੱਖਾਂ ਤੋਂ ਵੇਖ ਰਹੀਆਂ ਹਨ। ਬੇਸ਼ੱਕ ਇਸ ਮਾਮਲੇ ਦੀ ਜਾਂਚ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾਵੇਗੀ ਪਰ ਇਸ ਮਾਮਲੇ ਉੱਪਰ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਵੀ ਨਜ਼ਰ ਹੈ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਸਿਰਫ ਸੰਦੀਪ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ।
ਇਸ ਬਾਰੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਕਿਹਾ ਹੈ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਮਾਮਲੇ ਦੀ ਜਾਂਚ ਹੁਣ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਰੇਗੀ। ਇਸ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਡੀਸੀਪੀ (ਡਿਟੈਕਟਿਵ) ਜਗਜੀਤ ਸਿੰਘ ਵਾਲੀਆ ਹੋਣਗੇ, ਜਦੋਂਕਿ ਏਡੀਸੀਪੀ (ਸਿਟੀ) ਪ੍ਰਭਜੋਤ ਸਿੰਘ ਵਿਰਕ ਤੇ ਅਭਿਮੰਨਿਊ ਰਾਣਾ ਸਮੇਤ ਸੀਆਈਏ ਸਟਾਫ ਤੇ ਐਂਟੀ ਗੈਂਗਸਟਰ ਸਟਾਫ ਦੇ ਇੰਚਾਰਜ ਇਸ ਟੀਮ ਦੇ ਮੈਂਬਰ ਹੋਣਗੇ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਸ ਕੇਸ ਦੀ ਜਾਂਚ ਸਹੀ ਤੱਥਾਂ ਦੇ ਆਧਾਰ ’ਤੇ ਕਰਨ ਲਈ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਗਈ ਹੈ ਜਿਸ ਦੀ ਨਿਗਰਾਨੀ ਏਡੀਜੀਪੀ ਆਰਐਨ ਢੋਕੇ ਕਰਨਗੇ। ਉਨ੍ਹਾਂ ਕਿਹਾ ਕਿ ਐਫਆਈਆਰ ਵਿੱਚ ਫ਼ਿਲਹਾਲ ਸੰਦੀਪ ਸਿੰਘ ਦਾ ਇਕੱਲੇ ਦਾ ਨਾਂ ਦਰਜ ਹੈ। ਜੇਕਰ ਜਾਂਚ ਦੌਰਾਨ ਕਿਸੇ ਹੋਰ ਵਿਅਕਤੀ ਦਾ ਨਾਂ ਸਾਹਮਣੇ ਆਇਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਹੋਵੇਗੀ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਦੀਪ ਸਿੰਘ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਸ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਵਾਲੀ ਪੋਸਟ ਨੂੰ ਘੋਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਰੀ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਸਿੰਘ ਕੋਲੋਂ ਕਈ ਖੁਫ਼ੀਆ ਤੇ ਸੁਰੱਖਿਆ ਏਜੰਸੀਆਂ ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :