Amritsar News: ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਅੰਮ੍ਰਿਤਸਰ-ਨਨਕਾਣਾ ਸਾਹਿਬ ਬੱਸ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ਬੱਸ ਸੇਵਾ ਅਗਸਤ 2019 ਤੋਂ ਬੰਦ ਕੀਤੀ ਹੋਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਮਤਾ ਪਾਸ ਕੀਤਾ ਗਿਆ ਹੈ, ਜਿਸ ਨੂੰ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੋਵਾਂ ਦੇਸ਼ਾਂ ਵਿਚਾਲੇ ਚਲਦੀ ਸਮਝੌਤਾ ਐਕਸਪ੍ਰੈੱਸ ਰੇਲ ਗੱਡੀ ਬੰਦ ਹੋਣ ਕਾਰਨ ਸ਼ਰਧਾਲੂਆਂ ’ਤੇ ਪਏ ਅਸਰ ਦਾ ਜ਼ਿਕਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਪਹਿਲਾਂ ਗਰੀਬ ਸ਼ਰਧਾਲੂ ਇਸ ਰੇਲ ਗੱਡੀ ਰਾਹੀਂ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਜਾਂਦੇ ਸਨ। ਉਨ੍ਹਾਂ ਨੇ ਦੋਵੇਂ ਦੇਸ਼ਾਂ ਵਿਚਾਲੇ ਚੱਲਦੀ ਰੇਲ ਗੱਡੀ ਨੂੰ ਮੁੜ ਸ਼ੁਰੂ ਕਰਨ ਲਈ ਵੀ ਆਖਿਆ ਸੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਮੈਂਬਰਾਂ ਵੱਲੋਂ ਇੱਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਦੋਵਾਂ ਦੇਸ਼ਾਂ ਵਿਚਾਲੇ ਚੱਲਦੀ ਰੇਲ ਸੇਵਾ ਅਤੇ ਬੱਸ ਸੇਵਾ ਨੂੰ ਮੁੜ ਸ਼ੁਰੂ ਕੀਤਾ ਜਾਵੇ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਵੀਜ਼ਾ ਕੇਂਦਰ ਸਥਾਪਤ ਕਰਨ, ਅਟਾਰੀ ਸਰਹੱਦ ਵਿਖੇ ਮੌਕੇ ’ਤੇ ਹੀ ਵੀਜ਼ੇ ਦੇਣ, ਸਾਲ ਵਿੱਚ ਸਿੱਖ ਸ਼ਰਧਾਲੂਆਂ ਦੇ ਚਾਰ ਜਥਿਆਂ ਦੀ ਥਾਂ ਸੱਤ ਜਥੇ ਭੇਜਣ ਦੀ ਪ੍ਰਵਾਨਗੀ ਦੇਣ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਆਦਿ ਦੀ ਮੰਗ ਕੀਤੀ ਸੀ। ਜਨਰਲ ਹਾਊਸ ਵੱਲੋਂ ਪਾਸ ਕੀਤੇ ਗਏ ਇਹ ਮਤਾ ਕੇਂਦਰ ਸਰਕਾਰ ਨੂੰ ਭੇਜ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ 2006 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਮਜ਼ਬੂਤ ਕਰਨ ਵਾਸਤੇ ਲੋਕਾਂ ਦੀ ਆਵਾਜਾਈ ਲਈ ਅੰਮ੍ਰਿਤਸਰ-ਲਾਹੌਰ ਤੇ ਅੰਮ੍ਰਿਤਸਰ- ਨਨਕਾਣਾ ਸਾਹਿਬ ਵਾਸਤੇ ਬੱਸ ਸੇਵਾ ਸ਼ੁਰੂ ਕੀਤੀ ਸੀ। ਭਾਰਤ ਵੱਲੋਂ ਇਸ ਬੱਸ ਸੇਵਾ ਨੂੰ ‘ਪੰਜ-ਆਬ’ ਤੇ ਪਾਕਿਸਤਾਨ ਵੱਲੋਂ ‘ਦੋਸਤੀ’ ਨਾਂ ਦਿੱਤਾ ਗਿਆ ਸੀ। 2019 ’ਚ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਇਆ ਵੇਲੇ ਪਾਕਿਸਤਾਨ ਵੱਲੋਂ ਰੋਸ ਵਜੋਂ ਰੇਲ ਤੇ ਬੱਸ ਸੇਵਾ ਬੰਦ ਕਰ ਦਿੱਤੀ ਗਈ ਸੀ।