ਅੰਮ੍ਰਿਤਸਰ: ਦੇਸ਼ ਭਰ ਵਿੱਚ ਨਵਾਂ ਮੋਟਰ ਵਹੀਕਲ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੱਡਾ ਜੁਰਮਾਨਾ ਦੇਣਾ ਪਵੇਗਾ। ਕੇਂਦਰ ਸਰਕਾਰ ਵੱਲੋਂ ਭਾਵੇਂ ਇਸ ਦਾ ਮਕਸਦ ਸੜਕ ਹਾਦਸਿਆਂ ਨੂੰ ਰੋਕਣਾ ਦੱਸਿਆ ਜਾ ਰਿਹਾ ਹੈ ਪਰ ਲੋਕ ਇਸ 'ਤੇ ਰਲੀ-ਮਿਲੀ ਪ੍ਰਤੀਕਿਰਿਆ ਦੇ ਰਹੇ ਹਨ। ਕੁਝ ਲੋਕ ਇਸ ਨਵੇਂ ਕਾਨੂੰਨ ਦਾ ਸਮਰਥਨ ਕਰ ਰਹੇ ਹਨ ਤੇ ਕੁਝ ਪੁਲਿਸ ਦੀ ਕਾਰਗੁਜ਼ਾਰੀ ਨੂੰ ਸਹੀ ਕਰਨ ਦੀ ਗੱਲ ਕਰ ਰਹੇ ਹਨ।
ਪਹਿਲੀ ਸਤੰਬਰ ਤੋਂ ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਟ੍ਰੈਫਿਕ ਪੁਲਿਸ ਨੇ ਇਸ ਦੇ ਉੱਪਰ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ। ਇੱਥੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਵੇਂ ਐਕਟ ਦੇ ਤਹਿਤ ਚਾਲਾਣ ਕੱਟਣੇ ਕੀਤੇ ਗਏ। ਹਾਲਾਂਕਿ ਕੁਝ ਲੋਕ ਭਾਵੇਂ ਇਸ ਦਾ ਵਿਰੋਧ ਕਰ ਰਹੇ ਸਨ ਪਰ ਕੁਝ ਲੋਕਾਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਗੱਲ ਕਹੀ।
ਅੰਮ੍ਰਿਤਸਰ ਸ਼ਹਿਰ ਦੇ ਸਾਰੇ ਵੱਡੇ ਚੌਕਾਂ 'ਤੇ ਐਤਵਾਰ ਨੂੰ ਪੁਲਿਸ ਤੇ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਸਖ਼ਤੀ ਕਰਦੇ ਦਿਖਾਈ ਦਿੱਤੇ। ਜ਼ਿਕਰਯੋਗ ਹੈ ਕਿ ਪਹਿਲੀ ਸਤੰਬਰ ਤੋਂ ਟ੍ਰੈਫਿਕ ਨਿਯਮਾਂ ਦੀ ਵੱਖ-ਵੱਖ ਨਿਯਮਾਂ ਤਹਿਤ ਉਲੰਘਣਾ ਕਰਨ ਵਾਲਿਆਂ ਨੂੰ 10 ਗੁਣਾਂ ਤੱਕ ਵੱਧ ਜੁਰਮਾਨੇ ਦੇਣੇ ਪੈਣਗੇ।