ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤੇਜਾ ਸਿੰਘ ਸਮੁੰਦਰੀ ਹਾਲ 'ਚ ਪੰਥਕ ਇਕੱਠ, ਲਿਆ ਜਾ ਸਕਦਾ ਹੈ ਸਖਤ ਫੈਸਲਾ
ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਥਕ ਇਕੱਠ ਸੱਦਿਆ ਗਿਆ ਹੈ ਜੋ ਕਿ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ।
ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਥਕ ਇਕੱਠ ਸੱਦਿਆ ਗਿਆ ਹੈ ਜੋ ਕਿ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ। ਜਿਸ ਦੌਰਾਨ ਕੋਈ ਸਖਤ ਫੈਸਲਾ ਲਿਆ ਜਾ ਸਕਦਾ ਹੈ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਪ੍ਰੈੱਸ ਵਾਰਤਾ 'ਚ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਯਤਨ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਪ੍ਰਧਾਨ ਦਾ ਕਹਿਣਾ ਹੈ ਕਿ ਇਹ ਸਮੁੱਚੇ ਪੰਥ ਦਾ ਅਤਿ ਅਹਿਮ ਮਸਲਾ ਹੈ, ਜਿਸ ਲਈ ਪੂਰੀ ਕੌਮ ਲੰਮੇ ਅਰਸੇ ਤੋਂ ਕਾਰਜਸ਼ੀਲ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਰੰਭੇ ਜਾਣ ਵਾਲੇ ਸਾਂਝੇ ਪੰਥਕ ਯਤਨਾਂ ਲਈ ਸਮੁੱਚੀਆਂ ਪੰਥਕ ਧਿਰਾਂ ਦਾ ਸਿਰ ਜੋੜ ਕੇ ਬੈਠਣਾ ਬੇਹੱਦ ਲਾਜ਼ਮੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਇੱਕ ਬਿਆਨ ਵਿੱਚ ਸਮੁੱਚੀਆਂ ਪੰਥਕ ਧਿਰਾਂ ਨੂੰ ਇਸ ਇਕੱਤਰਤਾ ਵਿਚ ਸ਼ਾਮਲ ਹੋ ਕੇ ਆਪਣੇ ਸੁਝਾਅ ਤੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਮੂਹਿਕ ਯਤਨਾਂ ਲਈ ਆਦੇਸ਼ ਕੀਤਾ ਗਿਆ ਸੀ, ਜਿਸ ਸੰਦਰਭ ਵਿੱਚ ਸੱਦੀ ਗਈ ਬੈਠਕ ਅਹਿਮ ਹੈ।
ਉਨ੍ਹਾਂ ਆਖਿਆ ਕਿ ਪੰਥ ਦੀਆਂ ਧਾਰਮਿਕ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਦੇ ਵਿਚਾਰ ਅਤੇ ਸੁਝਾਅ ਅਤਿ ਲੋੜੀਂਦੇ ਹਨ, ਤਾਂ ਜੋ ਭਵਿੱਖ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਇਕੱਠ ਸਮੁੱਚੇ ਖਾਲਸਾ ਪੰਥ ਦਾ ਪ੍ਰਤੀਨਿਧ ਇਕੱਠ ਹੋਵੇਗਾ, ਜਿਸ ਲਈ ਹਰ ਇਕ ਦਾ ਫ਼ਰਜ਼ ਹੈ ਕਿ ਉਹ ਆਪਣਾ ਯੋਗਦਾਨ ਪਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਸਬੰਧੀ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ ਪੱਤਰ ਵੀ ਭੇਜੇ ਜਾ ਰਹੇ ਹਨ, ਪਰ ਫਿਰ ਵੀ ਸਮੇਂ ਦੀ ਘਾਟ ਕਾਰਨ ਜਿਨ੍ਹਾਂ ਤੱਕ ਪਹੁੰਚ ਸੰਭਵ ਨਹੀਂ ਹੋ ਸਕੀ, ਉਹ ਵੀ ਇਸ ਇਕੱਤਰਤਾ ਵਿਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਹੈ।