ਅੰਮ੍ਰਿਤਸਰ: ਬੀਤੀ 19 ਅਕਤੂਬਰ ਨੂੰ ਸ਼ਹਿਰ ਵਿੱਚ ਵਾਪਰੇ ਦਰਦਨਾਕ ਰੇਲ ਹਾਦਸੇ ਸਬੰਧੀ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਸਮਾਗਮ ਵਿੱਚ ਮੁੱਖ ਮਹਿਮਾਨ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੁਸਹਿਰੇ ਮੇਲੇ ਦੌਰਾਨ ਰੇਲਵੇ ਟਰੈਕ 'ਤੇ ਖੜ੍ਹ ਕੇ ਦੁਸਹਿਰਾ ਦੇਖ ਰਹੇ ਸੈਂਕੜੇ ਲੋਕ ਜਲੰਧਰ ਤੋਂ ਆ ਰਹੀ ਡੀਐਮਯੂ ਰੇਲ ਹੇਠਾਂ ਦਰੜੇ ਗਏ ਸਨ, ਜਿਸ ਕਾਰਨ 59 ਜਣਿਆਂ ਦੀ ਮੌਤ ਹੋ ਗਈ ਸੀ। ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਬੀ. ਪੁਰਸ਼ਾਰਥਾ ਨੇ ਸਿੱਧੂ ਜੋੜੇ ਨੂੰ ਸੰਮਣ ਜਾਰੀ ਕਰਦਿਆਂ ਭਲਕੇ ਯਾਨੀ ਦੋ ਨਵੰਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।
ਇਸ ਤੋਂ ਪਹਿਲਾਂ ਡੀਸੀ ਨੇ ਦੁਸਹਿਰਾ ਮੇਲੇ ਦੇ ਪ੍ਰਬੰਧਕ ਤੇ ਸਥਾਨਕ ਕੌਂਸਲਰ ਦੇ ਪੁੱਤਰ ਸੌਰਭ ਮਦਾਨ ਉਰਫ਼ ਮਿੱਠੂ ਅਤੇ ਉਸ ਦੇ ਪੂਰੇ ਪਰਿਵਾਰ ਤੋਂ ਚਾਰ ਘੰਟਿਆਂ ਤਕ ਪੁੱਛਗਿੱਛ ਕੀਤੀ ਸੀ। ਹੁਣ ਤਕ ਕੁੱਲ 75 ਚਸ਼ਮਦੀਦ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ 35 ਕਰਮਚਾਰੀਆਂ ਦੇ ਬਿਆਨ ਕਲਮਬੱਧ ਕੀਤੇ ਜਾ ਚੁੱਕੇ ਹਨ। ਅੰਮ੍ਰਿਤਸਰ ਦੇ ਡੀਸੀ ਨੂੰ ਹਾਦਸੇ ਤੋਂ ਅਗਲੇ ਹੀ ਦਿਨ ਜਾਂਚ ਦੇ ਹੁਕਮ ਦੇ ਦਿੱਤੇ ਗਏ ਸਨ ਅਤੇ ਉਹ ਚਾਰ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਣਗੇ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਮਾਗਮ ਦੀ ਮੁੱਖ ਮਹਿਮਾਨ ਨਵਜੋਤ ਕੌਰ ਸਿੱਧੂ ਤੇ ਪ੍ਰਬੰਧਕ ਸੌਰਭ ਮਦਾਨ ਉਰਫ਼ ਮਿੱਠੂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਣ ਅਤੇ ਇਨ੍ਹਾਂ ਖ਼ਿਲਾਫ਼ ਕੇਸ ਚਲਾਉਣ ਸਬੰਧੀ ਦਾਇਰ ਕੀਤੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਸਿੱਧੂ ਦੇ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਵੀ ਲਾਇਆ ਸੀ।