Punjab News: ਪੰਜਾਬ ਸਰਕਾਰ ਨੇ ਜਾਇਦਾਦ ਖ਼ਰੀਦਣ ਮੌਕੇ ਝਗੜਿਆਂ ਤੇ ਮੁਕੱਦਮੇਬਾਜ਼ੀ 'ਤੇ ਬ੍ਰੇਕ ਲਾਉਣ ਲਈ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਹੁਣ ਐਨਓਸੀ ਦੀ ਪ੍ਰਕਿਰਿਆ ਦਾ ਸਮਾਂ 21 ਦਿਨਾਂ ਤੋਂ ਘਟਾ ਕੇ 15 ਕਰ ਦਿੱਤਾ ਹੈ। ਇਹ ਫੈਸਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। 


ਸਰਕਾਰੀ ਬੁਲਾਰੇ ਨੇ ਦੱਸਿਆ ਕਿ ਲੋਕਾਂ ਨੂੰ ਜਾਇਦਾਦ ਖ਼ਰੀਦਣ ਮੌਕੇ ਝਗੜਿਆਂ ਤੇ ਮੁਕੱਦਮੇਬਾਜ਼ੀ ਤੋਂ ਬਚਾਉਣ ਲਈ ਐਨਓਸੀ ਦੀ ਪ੍ਰਕਿਰਿਆ ਦਾ ਸਮਾਂ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫ਼ੈਸਲਾ ਲਿਆ ਹੈ। ਵਿੱਤ ਮੰਤਰੀ ਚੀਮਾ ਦੇ ਪੰਜਾਬ ਭਵਨ ਵਿੱਚ ਹੋਈ ਇਸ ਮੀਟਿੰਗ ਦੌਰਾਨ ਇੱਕ ਸੁਝਾਅ ’ਤੇ ਫ਼ੈਸਲਾ ਲਿਆ ਹੈ ਕਿ ਪਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ, ਉਨ੍ਹਾਂ ਦੀ ਸਹੂਲਤ ਲਈ ਤਤਕਾਲ ਸਹੂਲਤ ਤਹਿਤ ਐਨਓਸੀ ਦੀ ਪ੍ਰਕਿਰਿਆ ਲਈ ਸਮਾਂ 5 ਦਿਨ ਦਾ ਹੋਵੇਗਾ। 



ਉਨ੍ਹਾਂ ਕਿਹਾ ਕਿ ਇਸ ਸਹੂਲਤ ਤਹਿਤ ਪਰਵਾਸੀ ਭਾਰਤੀ ਜਾਂ ਉਹ ਵਿਅਕਤੀ, ਜੋ ਇਸ ਸਹੂਲਤ ਨੂੰ ਜਲਦੀ ਹਾਸਿਲ ਕਰਨਾ ਚਾਹੁੰਦੇ ਹਨ, ਕੁਝ ਵੱਧ ਫ਼ੀਸ ਅਦਾ ਕਰ ਕੇ 5 ਦਿਨਾਂ ਵਿੱਚ ਐਨਓਸੀ ਹਾਸਲ ਕਰ ਸਕਣਗੇ। ਕੈਬਨਿਟ ਮੰਤਰੀਆਂ ਵੱਲੋਂ ਐਨਓਸੀ ਦੀ ਆਨਲਾਈਨ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਮਾਲ ਵਿਭਾਗ ਦੇ ਸਬ-ਰਜਿਸਟਰਾਰ ਨੂੰ ਲਾਗਇਨ ਆਈਡੀ ਤੇ ਪਾਸਵਰਡ ਮੁਹੱਈਆ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਉਹ ਰਜਿਸਟਰੀ ਮੌਕੇ ਅਸਲੀ ਤੇ ਜਾਅਲੀ ਐਨਓਸੀ ਦਾ ਪਤਾ ਲਗਾ ਸਕੇ। 



ਮੀਟਿੰਗ ਦੌਰਾਨ ਲੋਕਾਂ ਦੀ ਸਹੂਲਤ ਲਈ ਵਸੀਕਾ ਨਵੀਸਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਲੋਕਾਂ ਨੂੰ ਅਧਿਕਾਰਤ ਅਤੇ ਅਣ-ਅਧਿਕਾਰਤ ਰਿਹਾਇਸ਼ੀ ਕਲੋਨੀਆਂ ਬਾਰੇ ਜਾਣੂ ਕਰਵਾਉਣ ਲਈ ਸੂਬੇ ਭਰ ਦੀਆਂ ਸਾਰੀਆਂ ਅਧਿਕਾਰਤ ਕਲੋਨੀਆਂ ਦੀ ਸੂਚੀ ਨੂੰ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵਿਭਾਗੀ ਵੈੱਬਸਾਈਟਾਂ ’ਤੇ ਪ੍ਰਕਾਸ਼ਿਤ ਕੀਤਾ ਜਾਵੇਗਾ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।