(Source: ECI/ABP News)
Punjab News: 443 ਪੁਲਿਸ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦੇ ਕੇ CM ਮਾਨ ਨੇ 10 ਹਜ਼ਾਰ ਨਵੀਆਂ ਭਰਤੀਆਂ ਦਾ ਕੀਤਾ ਐਲਾਨ, ਜਾਣੋ ਕਿਹੜੇ ਅਹੁਦਿਆਂ ਲਈ ਹੋਵੇਗੀ ਭਰਤੀ ?
ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਕੁਚਲੇ ਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਸੇਵਾ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲੇ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।
ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇੱਕੋ-ਇੱਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਉਹ ਇਸ ਇਤਿਹਾਸਕ ਕੈਂਪਸ ਵਿੱਚ ਦੂਜੀ ਵਾਰ ਆਏ ਹਨ। ਉਨ੍ਹਾਂ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਸਾਰੇ 443 ਨੌਜਵਾਨਾਂ ਨੂੰ ਮੁਬਾਰਕਬਾਕ ਦਿੱਤੀ ਅਤੇ ਉਮੀਦ ਜਤਾਈ ਕਿ ਇਹ ਨੌਜਵਾਨ ਅਫ਼ਸਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਯੋਗਦਾਨ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਇਹ ਦਿਨ ਯਾਦਗਾਰੀ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ ਅਤੇ ਉਹ ਲੋਕਾਂ ਨੂੰ ਸਹੂਲਤ ਦੇਣ ਲਈ ਸਰਕਾਰੀ ਸੇਵਾ ਵਿੱਚ ਆਏ ਹਨ।
ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਕੁਚਲੇ ਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਸੇਵਾ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲੇ।
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਹਮੇਸ਼ਾ ਇਸ ਦੀ ਸਪਲਾਈ ਨੂੰ ਰੋਕਣ ਲਈ ਬੈਰੀਅਰ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਪੰਜਾਬ ਪੁਲਿਸ ਨੂੰ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਨਫ਼ਰੀ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਪਹਿਲਾਂ ਹੀ ਫ਼ੈਸਲਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰ ਸਾਲ ਲਗਪਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕੀਤੇ ਜਾਣ ਦੀ ਸੰਭਾਵਨਾ ਹੈ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਆਪਣੇ ਸਰੀਰਕ ਸੁਧਾਰ ਵੱਲ ਪਹਿਲਾਂ ਹੀ ਧਿਆਨ ਦੇ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਅਥਾਹ ਊਰਜਾ ਨੂੰ ਸਾਕਾਰਾਤਮਕ ਦਿਸ਼ਾ ਵੱਲ ਲੈ ਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
