Punjab News: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਤੇ ਟਰਾਮਾ ਯੂਨਿਟ ਖੋਲ੍ਹੇ ਜਾ ਰਹੇ ਹਨ। ਇਹ 10 ਬੈੱਡਾਂ ਵਾਲੇ ਯੂਨਿਟ ਹੋਣਗੇ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰ ਹੋਣਗੇ। ਉਨ੍ਹਾਂ ਦੀ ਭਰਤੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 80 ਤੋਂ 90 ਫੀਸਦੀ ਜਨਰਲ ਓਪੀਡੀ ਆਮ ਆਦਮੀ ਕਲੀਨਿਕਾਂ ਵਿੱਚ ਹੋਵੇਗੀ।


ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਜਾਣਕਾਰੀ ਵੀਰਵਾਰ ਨੂੰ ਸਮਰਾਲਾ ਵਿੱਚ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸ਼ਿਰਕਤ ਕਰਨ ਮੌਕੇ ਦਿੱਤੀ। ਇਸ ਮੌਕੇ ਸਿਹਤ ਮੰਤਰੀ ਨੇ ਪਿਛਲੀਆਂ ਸਰਕਾਰਾਂ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪਹਿਲਾਂ ਵਾਲੇ ਤਾਂ ਖਜ਼ਾਨਾ ਖਾਲੀ ਕਹਿ ਕੇ ਭੱਜ ਜਾਂਦੇ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿੱਖਿਆ, ਖੇਡਾਂ ਤੇ ਸਿਹਤ ਲਈ ਖਜ਼ਾਨਾ ਬਿਲਕੁਲ ਖਾਲੀ ਨਹੀਂ। ਸੀਐਮ ਭਗਵੰਤ ਮਾਨ ਦੀ ਸਰਕਾਰ ਇਨ੍ਹਾਂ ਤਿੰਨਾਂ ਗੱਲਾਂ 'ਤੇ ਜ਼ੋਰ ਦੇ ਕੇ ਸੂਬੇ ਦਾ ਨਕਸ਼ਾ ਬਦਲ ਰਹੀ ਹੈ।


ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ 450 ਰੈਪਿਡ ਟੀਮਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਸੜਕਾਂ ’ਤੇ ਜਾ ਕੇ ਕੈਂਪ ਲਗਾ ਰਹੀਆਂ ਹਨ। ਇਸ ਤੋਂ ਇਲਾਵਾ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਨਿੱਜੀ ਤੌਰ 'ਤੇ ਆਈਐਮਏ ਨਾਲ ਸਮਝੌਤਾ ਕੀਤਾ ਹੈ ਤੇ ਉਨ੍ਹਾਂ ਦੀ ਮਦਦ ਲਈ ਹੈ।


ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਨੇ ਸਰਕਾਰ ਲਈ 500 ਰੈਪਿਡ ਟੀਮਾਂ ਦਾ ਪ੍ਰਬੰਧ ਕੀਤਾ ਹੈ। ਫਿਲਹਾਲ ਇਨ੍ਹਾਂ ਦੀ ਲੋੜ ਨਹੀਂ ਪਈ। ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿੱਚ 1000 ਬੈੱਡਾਂ ਦੀ ਵਿਵਸਥਾ ਹੈ। ਕਿਸੇ ਕਿਸਮ ਦੀ ਮਹਾਂਮਾਰੀ ਦਾ ਪ੍ਰਕੋਪ ਨਹੀਂ। ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਘਰ-ਘਰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।