Punjab News: ਪੰਜਾਬ 'ਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ।


ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ।


ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।


ਅਧਿਆਪਕਾਂ ਨਾਲ ਭਾਵੁਕਤਾ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ  ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇ ਕੇ ਆਪਣੀ ਤਕਦੀਰ ਲਿਖਣ ਦੇ ਕਾਬਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਸਦਕਾ ਉਨ੍ਹਾਂ ਨੂੰ ‘ਦੇਸ਼ ਦੇ ਨਿਰਮਾਤਾ’ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਮਿਸ਼ਨਰੀ ਭਾਵਨਾ ਨਾਲ ਵਿਦਿਆਰਥੀਆਂ ਦੀ ਸੇਵਾ ਕਰਦੇ ਰਹਿਣਗੇ।