ਪੰਜਾਬ ਸਰਕਾਰ ਦਾ ਇੱਕ ਹੋਰ ਤੋਹਫਾ! ਸਰਕਾਰੀ ਸਕੂਲਾਂ 'ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਮਿਲੇਗੀ ਬੱਸ ਸੇਵਾ
ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। CM ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ...
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ।
ਮਜਬੂਰੀ ਵੱਸ ਕਿਸੇ ਦੀ ਪੜ੍ਹਾਈ ਅੱਧ ਵਿਚਾਲੇ ਨਹੀਂ ਰਹਿਣ ਦੇਵਾਂਗੇ…ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ ‘ਚ ਲਾਵਾਂਗੇ ਤਾਂ ਜੋ ਦੂਰੋਂ ਬੱਚੇ ਆਰਾਮ ਨਾਲ ਸਕੂਲ ਆ-ਜਾ ਸਕਣ…ਪੜ੍ਹਾਈ ਪੱਖੋਂ ਬੱਚਿਆਂ ਨੂੰ ਵਾਂਝਾ ਨਹੀਂ ਰਹਿਣ ਦੇਵਾਂਗੇ.. pic.twitter.com/RLHIYWGt52
— Bhagwant Mann (@BhagwantMann) July 16, 2023
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ 70 ਸਾਲ ਤੋਂ ਵੱਧ ਪੁਰਾਣੀ ਚੱਲੀ ਆ ਰਹੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਸਿੱਖਿਆ ਖੇਤਰ ਦੀ ਕਾਇਆ ਕਲਪ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਤੇ ਮਨੁੱਖੀ ਵਸੀਲਿਆਂ ਦੇ ਵਿਕਾਸ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ, ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦਾ ਕੇਂਦਰ ਬਣ ਕੇ ਉਭਰੇਗਾ।