Punjab News: ਜਲੰਧਰ ਕੇਂਦਰੀ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਪ੍ਰਤੀਕਿਰਿਆ ਦਾ ਦੌਰ ਪੂਰੇ ਜ਼ੋਰ ਨਾਲ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਇਸ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਹਿ ਰਹੀ ਹੈ।
ਇਸ ਨੂੰ ਲੈ ਕੇ ਪੰਜਾਬ ਦੇ ਖ਼ਜ਼ਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਵਿਅਕਤੀ ਨੂੰ ਕਾਨੂੰਨ ਦੇ ਹਿਸਾਬ ਨਾਲ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਤੇ ਕਾਨੂੰਨੀ ਤੌਰ 'ਤੇ ਮੁਕੱਦਮਾ ਚਲਾਇਆ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਜਾਂ ਅਹੁਦੇ ਉੱਤੇ ਹੋਵੇ।
ਚੀਮਾ ਨੇ ਕਿਹਾ ਕਿ 'ਆਪ' ਇੱਕ ਵੱਡੀ ਭ੍ਰਿਸ਼ਟਾਚਾਰ ਵਿਰੋਧੀ ਕ੍ਰਾਂਤੀ ਤੋਂ ਬਣੀ ਸੀ ਤੇ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਲੜਾਈ ਜਾਰੀ ਹੈ। ਸਾਨੂੰ ਰਮਨ ਅਰੋੜਾ ਵਿਰੁੱਧ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਸਨ ਤੇ ਸਬੂਤਾਂ ਦੇ ਆਧਾਰ 'ਤੇ ਉਸ ਵਿਰੁੱਧ ਜਾਂਚ ਕੀਤੀ ਜਾ ਰਹੀ ਹੈ।
ਇਸ ਮੌਕੇ ਚੀਮਾ ਨੇ ਵਿਰੋਧੀ ਧਿਰਾਂ ਨੂੰ ਵੀ ਘੇਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿੰਦੇ ਸੀ ਉਨ੍ਹਾਂ ਕੋਲ 60 ਵਿਧਾਇਕਾਂ ਦੀਆਂ ਫ਼ਾਇਲਾਂ ਹਨ ਜੋ ਭ੍ਰਿਸ਼ਟਾਚਾਰ ਕਰਦੇ ਸਨ ਤੇ ਉਹ ਫ਼ਾਇਲਾਂ ਲੈ ਕੇ ਘੁੰਮਦੇ ਸਨ ਪਰ ਅਸੀਂ ਤਾਂ ਐਕਸ਼ਨ ਕਰਨ ਦੇ ਆਦਿ ਹਾਂ। ਅਕਾਲੀ ਦਲ ਤੇ ਭਾਜਪਾ ਤਾਂ ਆਪਣੀਆਂ ਅੱਖਾਂ ਬੰਦ ਕਰ ਲੈਂਦੇ ਸੀ ਪਰ ਅਸੀਂ ਕਿਸੇ ਨੂੰ ਵੀ ਨਹੀਂ ਛੱਡਾਂਗੇ ਜੇ ਕਿਸੇ ਨੇ ਭ੍ਰਿਸ਼ਟਾਚਾਰ ਕੀਤਾ ਤਾਂ ਉਸ ਖ਼ਿਲਾਫ਼ ਕਾਰਵਾਈ ਹੋਵੇਗੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ਕਿਹਾ ?
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਡੀਓ ਸਾਂਝੀ ਕੀਤੀ ਜਿਸ ਦੇ ਮਜਮੂਨ ਵਿੱਚ ਲਿਖਿਆ, ਭ੍ਰਿਸ਼ਟਾਚਾਰ ਨੂੰ ਲੈਕੇ ਸਾਡੀ ਨੀਤੀ ਸਾਫ਼ ਹੈ..ਚਾਹੇ ਕੋਈ ਆਪਣਾ, ਚਾਹੇ ਕੋਈ ਬੇਗਾਨਾ..ਕੋਈ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰੇਗਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਨੂੰਨੀ ਕਾਰਵਾਈ ਜ਼ਰੂਰ ਹੋਵੇਗੀ…