Punjab Vidhan Sabha: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਸਦਨ ਵਿੱਚ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਪ੍ਰਸਤਾਵ ਕੀਤਾ ਕਿ ਬਿੱਲ ਨੂੰ ਤੁਰੰਤ ਵਿਚਾਰਿਆ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੌਖੇ ਸ਼ਬਦਾਂ ਵਿਚ ਕਹੀਏ ਤਾਂ ਇਹ ਐਨ.ਓ.ਸੀ. ਬਿੱਲ ਹੈ। ਜਿਹੜੀਆਂ ਪਹਿਲਾਂ ਕਲੋਨੀਆਂ ਬਣੀਆਂ ਸਨ, ਪਰ ਬਾਅਦ ਵਿੱਚ ਪਤਾ ਲੱਗਾ ਕਿ ਉਹ ਗ਼ੈਰ-ਕਾਨੂੰਨੀ ਸਨ। ਇਨ੍ਹਾਂ ਵਿੱਚ ਕੋਈ ਮੀਟਰ ਨਹੀਂ ਲੱਗ ਰਹੇ, ਨਾ ਹੀ ਪਾਣੀ ਦਾ ਕੁਨੈਕਸ਼ਨ ਹੈ। ਨਾਲ ਹੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ ਮਿਤੀ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ 'ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ। ਇਸ ਰਜਿਸਟ੍ਰੇਸ਼ਨ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸ਼ਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਰੀ ਦਸਤਾਵੇਜ਼ ਦੀ ਸੂਚਨਾ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਵੱਲੋਂ ਸਬੰਧਤ ਅਥਾਰਟੀ ਨੂੰ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਉਪਰੋਕਤ ਅਨੁਸਾਰ ਦਿੱਤੀ ਗਈ ਛੋਟ ਦੀ ਨੋਟੀਫਾਈ ਕੀਤੀ ਗਈ ਮਿਤੀ ਬੀਤ ਜਾਣ ਉਪਰੰਤ ਵੀ ਜੇਕਰ ਇਸ ਜਾਇਦਾਦ ਨੂੰ ਅੱਗੇ ਵੰਡਿਆ ਨਹੀਂ ਗਿਆ ਹੈ ਤਾਂ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਵੱਲੋਂ ਅਜਿਹੀ ਜਾਇਦਾਦ ਦੇ ਸਬੰਧ ਵਿੱਚ ਅਗਲੀਆਂ ਵਿਕਰੀ ਡੀਡਾਂ ਨੂੰ ਸਬੰਧਤ ਵਿਕਾਸ ਅਥਾਰਟੀਆਂ/ਸਥਾਨਕ ਸਰਕਾਰ ਦੀ ਸੂਚਨਾ ਹਿੱਤ ਰਜਿਸਟਰ ਕੀਤਾ ਜਾਵੇਗਾ।