ਬਠਿੰਡਾ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਪੈਸੇ ਜਾਰੀ ਨਾ ਕਰਨ ਕਰਕੇ ਖਰਾਬ ਹੋ ਰਹੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਦੇ ਮਕਸਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।
ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਚ ਆਪ ਵਿਧਾਇਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਪਹੁੰਚੇ ਤਾਂ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਦਾਖਲ ਨਹੀਂ ਹੋਣ ਦਿੱਤਾ। 'ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ 64 ਕਰੋੜ ਰੁਪਏ ਦਾ ਗਬਨ ਕਰਨ ਕਰਕੇ ਅੱਜ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ।
ਸਰਕਾਰ ਵੱਲੋਂ ਪ੍ਰਾਈਵੇਟ ਕਾਲਜਾਂ ਨੂੰ ਐਸਸੀ ਸਕਾਲਰਸ਼ਿਪ ਦਾ ਪੈਸਾ ਰਿਲੀਜ ਨਾ ਕਰਨ ਦੇ ਸਿੱਟੇ ਵਜੋਂ ਪ੍ਰਾਈਵੇਟ ਕਾਲਜਾਂ ਨੇ ਸੂਬੇ ਭਰ 'ਚ ਢਾਈ ਲੱਖ ਦੇ ਕਰੀਬ ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਤੋਂ ਮਨਾ ਕੀਤਾ ਹੋਇਆ ਹੈ। ਲੀਡਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਲਟਕ ਰਹੀ ਤਲਵਾਰ ਨੂੰ ਲੈ ਕੇ ਕਈ ਵਾਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ, ਪ੍ਰੰਤੂ ਸਰਕਾਰ ਨੇ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ।
'ਆਪ' ਲੀਡਰਾਂ ਨੇ ਕਿਹਾ ਕਿ ਬੀਤੀ 14 ਜਨਵਰੀ ਨੂੰ 4 ਕੈਬਨਿਟ ਮੰਤਰੀਆਂ ਦੀ ਕਮੇਟੀ ਜਿਸ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਸਾਧੂ ਸਿੰਘ ਧਰਮਸੋਤ ਨੇ ਪ੍ਰਾਈਵੇਟ ਕਾਲਜਾਂ ਨੂੰ ਤਿੰਨ ਦਿਨਾਂ ਦੇ ਅੰਦਰ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ਰਿਲੀਜ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਸੀ। ਪਰ ਇਕ ਹਫਤੇ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਨਾ ਤਾਂ ਵਿਦਿਆਰਥੀਆਂ ਨੂੰ ਡਿਗਰੀਆਂ ਮਿਲੀਆਂ ਅਤੇ ਨਾ ਹੀ ਡਿਗਰੀਆਂ ਰੋਕਣ ਵਾਲੇ ਕਾਲਜਾਂ ਖਿਲਾਫ ਕੋਈ ਕਾਰਵਾਈ ਹੋਈ।
ਉਨ੍ਹਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਖਿਲਵਾੜ ਦਾ ਹੁਣ ਬਿਲਕੁਲ ਪਰਦਾਫਾਸ਼ ਹੋ ਚੁੱਕਿਆ ਹੈ। ਇਸ ਦਾ ਸਬੂਤ ਇਹ ਹੀ ਹੈ ਕਿ ਬੀਤੇ ਕੱਲ੍ਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਮੰਨਿਆ ਲਿਆ ਕਿ ਉਨ੍ਹਾਂ ਅਜੇ ਤੱਕ ਪ੍ਰਾਈਵੇਟ ਕਾਲਜਾਂ ਦੇ ਸਾਲ 2015-16 ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 309 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ। ਇਸਦੇ ਨਾਲ ਇਹ ਵੀ ਮੰਨਿਆ ਹੈ ਕਿ ਸਾਲ 2017-18, 2018-19, 2019-20 ਦੀ ਬਣਦੀ ਸਕਾਲਰਸ਼ਿਪ ਦੇ 40 ਪ੍ਰਤੀਸ਼ਤ 1200 ਕਰੋੜ ਵੀ ਜਾਰੀ ਨਹੀਂ ਕੀਤੇ ਹਨ।
'ਆਪ' ਲੀਡਰਾਂ ਨੇ ਕਿਹਾ ਕਿ ਅੱਜ ਅਸੀਂ ਵਿੱਤ ਮੰਤਰੀ ਤੋਂ ਇਹ ਪੁੱਛਣ ਆਏ ਸੀ ਕਿ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਿਉਂ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੈਪਟਨ ਸਰਕਾਰ ਨੇ ਤੁਰੰਤ ਵਿਦਿਆਰਥੀਆਂ ਦੇ ਵਜੀਫੇ ਦੇ ਪੈਸੇ ਜਾਰੀ ਨਾ ਕੀਤੇ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਤਿੱਖਾ ਅੰਦੋਲਨ ਸ਼ੁਰੂ ਕਰੇਗੀ। 'ਆਪ' ਲੀਡਰਾਂ ਨੇ ਇਹ ਵੀ ਕਿ ਵਿਦਿਆਰਥੀਆਂ ਦੇ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ, ਜਿਸ ਉੱਤੇ ਸੂਬੇ ਭਰ ਵਿੱਚੋਂ ਕੋਈ ਵੀ ਵਿਦਿਆਰਥੀ ਆਪਣੀ ਸਮੱਸਿਆ ਦੱਸ ਸਕੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ