Sidhu Moose Wala Murder Case: ਅਦਾਲਤ 'ਚ 25 ਮੁਲਜ਼ਮਾਂ ਦੀ ਪੇਸ਼ੀ, ਬਲਕੌਰ ਸਿੰਘ ਨੇ ਲਗਾਈ ਇਨਸਾਫ ਦੀ ਗੁਹਾਰ, ਪੰਜਾਬ ਸਰਕਾਰ ਨੂੰ ਹਰ ਫਰੰਟ 'ਤੇ ਦੱਸਿਆ ਫੇਲ੍ਹ
Moosewala's Father Balkaur Singh: ਅੱਜ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੀ ਮਾਨਸਾ ਦੀ ਅਦਾਲਤ 'ਚ ਪੁੱਜੇ ਜਿੱਥੇ ਉਨ੍ਹਾਂ ਮਾਣਯੋਗ ਅਦਾਲਤ 'ਚ ਪੇਸ਼ ਹੋ ਕੇ ਆਪਣੇ ਪੁੱਤਰ ਲਈ ਇਨਸਾਫ਼ ਦੀ ਗੁਹਾਰ ਲਗਾਈ...
Punjab News: ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ 25 ਮੁਲਜ਼ਮ ਪੇਸ਼ ਹੋਏ। ਅਦਾਲਤ ਨੇ ਸਾਰੇ ਮੁਲਾਜ਼ਮਾਂ ਨੂੰ 16 ਨਵੰਬਰ ਨੂੰ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦੌਰਾਨ ਅੱਜ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੀ ਮਾਨਸਾ ਦੀ ਅਦਾਲਤ 'ਚ ਪੁੱਜੇ ਜਿੱਥੇ ਉਨ੍ਹਾਂ ਮਾਣਯੋਗ ਅਦਾਲਤ 'ਚ ਪੇਸ਼ ਹੋ ਕੇ ਆਪਣੇ ਪੁੱਤਰ ਲਈ ਇਨਸਾਫ਼ ਦੀ ਗੁਹਾਰ ਲਗਾਈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ । ਹਰ ਵਾਰ ਅਦਾਲਤ ਵਿੱਚ ਪਹੁੰਚ ਕੇ ਇਨਸਾਫ਼ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੇ ਹੱਥ ਖਾਲੀ ਹੀ ਹਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ।
ਬਲਕੌਰ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਖੁੱਲ੍ਹੀ ਬਹਿਸ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਸਵਾਲ ਉਠਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਹਿਸ ਤੱਕ ਨਹੀਂ ਪਹੁੰਚਣ ਦਿੱਤਾ ਗਿਆ ਅਤੇ ਸੀਐੱਮ ਨੇ ਖੁਦ ਹੀ ਸਾਰਾ ਭਾਸ਼ਾਣ ਦੇ ਦਿੱਤਾ। ਉਨ੍ਹਾਂ ਇਸ ਬਹਿਸ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਕੁਝ ਸਮਾਂ ਪਹਿਲਾਂ ਗੁਜਰਾਤ ਵਿੱਚ ਮੀਡੀਆ ਨੂੰ ਬਿਆਨ ਦਿੱਤਾ ਸੀ ਕਿ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਤੇ ਜਲਦ ਹੀ ਉਸ ਨੂੰ ਪੰਜਾਬ ਲਿਆਂਦਾ ਜਾਵੇਗਾ ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਗੋਲਡੀ ਬਰਾੜ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ।
ਸਿੱਧੂ ਦੇ ਪਿਤਾ ਨੇ ਕਿਹਾ ਕਿ ਅਜੇ ਤੱਕ ਆਪਣੇ ਪੁੱਤਰ ਦੇ ਕਤਲ ਦਾ ਇਨਸਾਫ਼ ਨਹੀਂ ਮਿਲਿਆ ਕਿਉਂਕਿ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਦਰ-ਦਰ ਭਟਕ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਗੋਲਡੀ ਬਰਾੜ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ 'ਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਹੱਤਿਆ ਕਰ ਦਿੱਤੀ ਗਈ ਸੀ। ਪਰ ਅਜੇ ਤੱਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਪੁੱਤ ਦੀ ਮੌਤ ਦਾ ਇਨਸਾਫ ਨਹੀਂ ਮਿਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।