Waris Punjab De: ਅੰਮ੍ਰਿਤਪਲ ਸਿੰਘ ਸਮੇਤ NSA ਤਹਿਤ ਨਜ਼ਰਬੰਦ ਕੀਤੇ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ
Punjab News: ਭਾਈ ਅਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਤੋਂ ਰੋਕਣ ਲਈ ਸਰਕਾਰ ਵੱਲੋਂ ਪੂਰਾ ਪੁਲਿਸ ਤੰਤਰ ਲਗਾਇਆ ਗਿਆ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੀ।
Waris Punjab De: ਅਸਾਮ ਦੇ ਡਿੱਬਰੂਗੜ੍ਹ ਜੇਲ੍ਹ ਵਿੱਚ ਐੱਨ.ਐੱਸ.ਏ ਤਹਿਤ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਕਈ ਹੋਰ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋ ਦਿੱਤੇ ਗਏ ਪ੍ਰੋਗਰਾਮ ਤਹਿਤ ਦੂਸਰਾ ਅਰਦਾਸ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ।
ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ ਤੇ ਹੋਰ ਬੰਦੀ ਸਿੰਘਾਂ ਦੇ ਪਰਿਵਾਰਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਿੱਖ ਸੰਗਤ ਨੇ ਸ਼ਿਕਰਤ ਕੀਤੀ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ।
ਗੁਰੂਘਰਾਂ 'ਚ ਆਉਣ ਤੋਂ ਰੋਕਣ ਲਈ ਲਾਇਆ ਪੁਲਿਸ ਤੰਤਰ
ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਅਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਤੋਂ ਰੋਕਣ ਲਈ ਸਰਕਾਰ ਵੱਲੋਂ ਪੂਰਾ ਪੁਲਿਸ ਤੰਤਰ ਲਗਾਇਆ ਗਿਆ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੀ।
3 ਦਸਬੰਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਜਾਵੇਗੀ ਅਰਦਾਸ
ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਤੀਸਰਾ ਅਰਦਾਸ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਵਿਖੇ 3 ਦਸੰਬਰ ਨੂੰ ਹੋਵੇਗਾ। ਮੌਜੂਦਾ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਸਮੇਤ ਨਿਹੰਗ ਸਿੰਘ ਜਥੇਬੰਦੀਆਂ ਹਾਜ਼ਰ ਸਨ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਬੀਬੀ ਬਲਵਿੰਦਰ ਕੌਰ ਨੇ ਦੋਸ਼ ਲਾਇਆ ਕਿ ਸ਼ਨੀਵਾਰ ਨੂੰ ਸੰਗਤ ਕਾਫ਼ਲੇ ਦੇ ਰੂਪ ਵਿੱਚ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਸਤੇ ਪਿੰਡ ਜਲੂਪੁਰ ਖੈੜਾ ਆ ਰਹੀ ਸੀ ਪਰ ਪੁਲਿਸ ਨੇ ਪਿੰਡ ਨੂੰ ਛਾਉਣੀ ਦੇ ਰੂਪ ’ਚ ਬਦਲ ਦਿੱਤਾ ਤੇ ਸੰਗਤ ਨੂੰ ਪਿੰਡ ਨਹੀਂ ਪੁੱਜਣ ਦਿੱਤਾ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਜਾਣ ਵਾਸਤੇ ਵੀ ਸਿਰਫ਼ ਪਰਿਵਾਰ ਦੇ ਕੁਝ ਵਾਹਨਾਂ ਨੂੰ ਹੀ ਜਾਣ ਦੀ ਆਗਿਆ ਦਿੱਤੀ ਗਈ ਜਦਕਿ ਸੰਗਤ ਦੇ ਬਾਕੀ ਵਾਹਨ ਰਾਹ ’ਚ ਹੀ ਰੋਕ ਦਿੱਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਖਾਲਸਾ ਵਹੀਰ ਦੇ ਮੈਂਬਰਾਂ ਤੇ ਸੰਗਤ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ ਤਾਂ ਜੋ ਇਹ ਅਰਦਾਸ ਸਮਾਗਮ ਸਫ਼ਲ ਨਾ ਹੋ ਸਕੇ।