ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਵਤੀਰੇ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਦਿਨ ਰਾਤ ਮਿਹਨਤ ਕਰਕੇ ਲੋਕਾਂ ਲਈ ਅਨਾਜ ਪੈਦਾ ਕਰਨ ਵਾਲੇ ਕਿਸਾਨਾਂ ਪ੍ਰਤੀ ਮਾੜਾ ਸਰਕਾਰੀ ਰਵੱਈਆ ਦੇਖ ਕੇ ਬਹੁਤ ਪੀੜਾਂ ਪਹੁੰਚਦੀ ਹੈ।

ਸੂਬਾ ਪ੍ਰਧਾਨ ਨੇ ਕਿਹਾ ਕਿ "ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਅੰਨ੍ਹੀ ਹੋ ਚੁੱਕੀ ਹੈ।ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜ੍ਹ ਦੇ ਹੋਏ ਸੂਬਾ ਸਰਕਾਰ ਵੱਲੋਂ ਐਮਐਸਪੀ ਦੇਣੀ ਚਾਹੀਦੀ ਹੈ।ਕੈਪਟਨ ਅਮਰਿੰਦਰ ਸਿੰਘ ਇਹ ਵੀ ਪੱਕੀ ਗਾਰੰਟੀ ਦੇਣ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।"

ਭਗਵੰਤ ਮਾਨ ਨੇ ਕਿਹਾ ਕਿ "ਲੋਕਾਂ ਵੱਲੋਂ ਚੁਣੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੀ ਬਜਾਏ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੀ ਸੇਵਾ ਵਿਚ ਲੱਗੇ ਹੋਏ ਹਨ। ਮੋਦੀ ਸਰਕਾਰ ਦਾ ਮੁੱਖ ਮਕਸਦ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਹੈ ਨਾ ਕਿ ਆਮ ਜਨਤਾ ਦੀ ਭਲਾਈ ਲਈ ਕੰਮ ਕਰਨਾ। ਜਦੋਂ ਤੋਂ ਭਾਜਪਾ ਦੀ ਸਰਕਾਰ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਇਸ ਸਰਕਾਰ ਨੇ ਲੋਕ ਵਿਰੋਧੀ ਫ਼ੈਸਲੇ ਕਰਦੇ ਹੋਏ ਲੋਕਾਂ ਨਾਲ ਤਜਰਬੇ ਕਰਦਿਆਂ ਕਚੂਮਰ ਕੱਢ ਕੇ ਰੱਖ ਦਿੱਤਾ ਹੈ।"

ਮਾਨ ਨੇ ਪੰਜਾਬ ਦੀ ਕੈਪਟਨ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸੀ, ਜੋ ਹੁਣ ਪੂਰੇ ਕਰਨ ਤੋਂ ਭੱਜ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦਿਆਂ ਮਾਨ ਨੇ ਕਿਹਾ ਕਿ "ਜਾਂ ਤਾਂ ਉਹ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਜਾਂ ਫਿਰ ਮੁੱਖ ਮੰਤਰੀ ਦੀ ਗੱਦੀ ਛੱਡਣ।" ਉਨ੍ਹਾਂ ਕਿਹਾ ਕਿ "ਕੈਪਟਨ ਸਰਕਾਰ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਕੰਮ ਕਰਨ ਨਾ ਕਿ ਉਨ੍ਹਾਂ ਤੋਂ ਬਦਲਾ ਲਊ ਦੀ ਭਾਵਨਾ ਨਾਲ।"