Punjab News: ਪੰਜਾਬ ਦੇ ਅਜਨਾਲਾ ਥਾਣੇ ਦੇ ਘਿਰਾਓ ਮਗਰੋਂ ਪੰਜਾਬ ਪੁਲਿਸ ਅੰਦਰ-ਖਾਤੇ 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਪਲਾਨਿੰਗ ਕਰ ਰਹੀ ਹੈ। ਸਭ ਤੋਂ ਪਹਿਲਾਂ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਤਾਇਨਾਤ ਰਹਿੰਦੇ ਹਥਿਆਰਬੰਦ ਲੋਕਾਂ ਦਾ ਰਿਕਾਰਡ ਖੰਗਾਲ ਰਹੀ ਹੈ। ਸੂਤਰਾਂ ਮੁਤਾਬਕ ਹੁਣ ਤੱਕ ਭਾਈ ਅੰਮ੍ਰਿਤਪਾਲ ਸਿੰਘ ਦੇ ਨੌਂ ਸਾਥੀਆਂ ਦੇ ਹਥਿਆਰਾਂ ਦੇ ਲਾਇਸੰਸ ਰੱਦ ਕਰ ਦਿੱਤੇ ਗਏ ਹਨ। 


ਉਂਝ, ਇਸ ਦੀ ਨਾ ਤਾਂ ਪੰਜਾਬ ਪੁਲਿਸ ਪੁਸ਼ਟੀ ਕਰ ਰਹੀ ਹੈ ਤੇ ਨਾ ਹੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੋਈ ਬਿਆਨ ਆਇਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਭਾਈ ਅੰਮ੍ਰਿਤਾਲ ਸਿੰਘ ਖਿਲਾਫ ਕਾਰਵਾਈ ਲਈ ਯੋਜਨਾ ਬਣਾ ਰਹੀ ਹੈ। ਸਭ ਤੋਂ ਪਹਿਲਾਂ ਹਥਿਆਰਬੰਦ ਬੰਦਿਆਂ ਦਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ।


ਇਸ ਤਹਿਤ ਸਭ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਦੇ 10 ਹਥਿਆਰਬੰਦ ਸਮਰਥਕਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਨੌਂ ਜਣਿਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਜਦਕਿ 10ਵੇਂ ਸਾਥੀ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਬਣਿਆ ਹੈ। ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨੂੰ ਉਸ ਦਾ ਲਾਇਸੈਂਸ ਰੱਦ ਕਰਨ ਬਾਰੇ ਲਿਖਿਆ ਹੈ।


ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੇ ਹੋਰ ਸਮਰਥਕਾਂ ਖਿਲਾਫ ਵੀ ਕਾਰਵਾਈ ਕਰੇਗੀ ਪਰ ਅਜਿਹਾ 20 ਮਾਰਚ ਤੋਂ ਬਾਅਦ ਹੋਵੇਗਾ। ਇਸ ਦਾ ਕਾਰਨ ਇਹ ਹੈ ਕਿ ਜੀ-20 ਦੇਸ਼ਾਂ ਦੇ ਨੁਮਾਇੰਦੇ 15 ਤੋਂ 17 ਮਾਰਚ ਤੱਕ ਸਿੱਖਿਆ ਤੇ 19-20 ਮਾਰਚ ਨੂੰ ਕਿਰਤ ਵਿਸ਼ੇ ‘ਤੇ ਮੀਟਿੰਗ ਲਈ ਅੰਮ੍ਰਿਤਸਰ ਵਿੱਚ ਇਕੱਠੇ ਹੋ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਖਿਲਾਫ ਸਖਤ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ ਤਾਂ ਜੋ ਕੋਈ ਵਿਵਾਦ ਪੈਦਾ ਨਾ ਹੋਵੇ। 20 ਮਾਰਚ ਨੂੰ ਕਾਨਫਰੰਸ ਦੀ ਸਮਾਪਤੀ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਖਿਲਾਫ ਕਾਰਵਾਈ ਹੋ ਸਕਦੀ ਹੈ।



ਸੂਤਰਾਂ ਦਾ ਕਹਿਣਾ ਹੈ ਕਿ ਉਂਝ ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਸਮਰਥਕਾਂ ਖਿਲਾਫ ਹੀ ਕਾਰਵਾਈ ਕਰ ਰਹੀ ਹੈ। ਪੁਲਿਸ ਪੰਜਾਬ ਸਰਕਾਰ ਵੱਲੋਂ ਗਨ ਕਲਚਰ ਖਿਲਾਫ ਵਿੱਢੀ ਮੁਹਿੰਮ ਦਾ ਸਹਾਰਾ ਲੈ ਕੇ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਸਮਰਥਕਾਂ ਖਿਲਾਫ ਹੀ ਕਾਰਵਾਈ ਕਰ ਰਹੀ ਹੈ। ਇਸ ਤਹਿਤ ਅਸਲੇ ਦੇ ਲਾਇਸੰਸ ਰੱਦ ਕਰਨਾ ਤੇ ਜ਼ਬਤ ਕਰਨਾ ਸ਼ਾਮਲ ਹੈ।