ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਦੇ ਸਾਬਕਾ ਮੰਤਰੀ ਤੇ ਬੀਜੇਪੀ ਲੀਡਰ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਅਰੋੜਾ ਪਹਿਲਾਂ ਕਾਂਗਰਸ 'ਚ ਸਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦੇ ਕੈਬਨਿਟ ਮੰਤਰੀ ਸਨ। ਕੁਝ ਦਿਨ ਪਹਿਲਾਂ ਉਹ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।
ਦੱਸ ਦਈਏ ਕਿ ਹਿਮਾਚਲ ਤੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਦਿੱਲੀ ਅੰਦਰ ਆਮ ਆਦਮੀ ਪਾਰਟੀ ਨੂੰ ਭ੍ਰਿਸ਼ਟਾਚਾਰ ਦੇ ਨਾਂ ਉੱਪਰ ਨਿਸ਼ਾਨਾ ਬਣਾ ਰਹੀ ਹੈ। ਆਮ ਆਦਮੀ ਪਾਰਟੀ ਦੇ ਕਈ ਲੀਡਰਾਂ ਉੱਪਰ ਸੀਬੀਆਈ ਤੇ ਈਡੀ ਨੇ ਸ਼ਿਕੰਜਾ ਕੱਸਿਆ ਹੋਇਆ ਹੈ। ਅਜਿਹੇ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੀਜੇਪੀ ਨੂੰ ਵੱਡੀ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਹੈ।
ਇਹ ਵੀ ਦਿਲਚਸਪ ਹੈ ਕਿ ਅੱਜ ਜਦੋਂ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੌਰੇ ਉੱਪਰ ਹਨ। ਇਸ ਲਈ ਆਮ ਆਦਮੀ ਪਾਰਟੀ ਪੰਜਾਬ ਵਾਲੇ ਐਕਸ਼ਨ ਦਾ ਗੁਜਰਾਤ ਵਿੱਚ ਪ੍ਰਚਾਰ ਕਰੇਗੀ ਜਿਸ ਨਾਲ ਬੀਜੇਪੀ ਨੂੰ ਝਟਕਾ ਲੱਗੇਗਾ।
ਕੀ ਹੈ ਮਾਮਲਾ?
ਇਲਜ਼ਾਮ ਹਨ ਕਿ ਸੁੰਦਰ ਸ਼ਾਮ ਅਰੋੜਾ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਅਧਿਕਾਰੀ ਨੂੰ 1 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ। ਉਹ 50 ਲੱਖ ਰੁਪਏ ਐਡਵਾਂਸ ਲੈ ਕੇ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਦਰਅਸਲ ਵਿਜੀਲੈਂਸ ਬਿਊਰੋ (VB) ਪੰਜਾਬ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 'ਤੇ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (AIG) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਲਗਾਇਆ ਹੈ। ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਮਨਮੋਹਨ ਕੁਮਾਰ ਦੇ ਬਿਆਨਾਂ ’ਤੇ 15 ਅਕਤੂਬਰ ਨੂੰ ਸਾਬਕਾ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਪਰਚਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ; Sunder Sham Arora Arrested: ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ