ਆਪ ਵਿਧਾਇਕ ਹਰਮੀਤ ਪਠਾਨਮਾਜਰਾ ਦੇ ਪੁੱਤ ਤੇ ਪੀਏ ਸਮੇਤ 16 ਲੋਕਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ, ਹਾਈ ਕੋਰਟ ਪਹੁੰਚੀ ਪਤਨੀ
ਇਨ੍ਹਾਂ ਸਾਰਿਆਂ ਵਿਰੁੱਧ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਫਰਾਰ ਵਿਧਾਇਕ ਨੂੰ ਭੱਜਣ ਵਿੱਚ ਮਦਦ ਕਰਨ, ਉਸਨੂੰ ਪਨਾਹ ਦੇਣ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੇ ਦੋਸ਼ਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ।
Punjab News: ਸਨੌਰ ਦੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਪੁੱਤਰ ਅਤੇ ਪੀਏ ਸਮੇਤ 16 ਲੋਕਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ, ਜੋ ਕਿ ਬਲਾਤਕਾਰ ਦੇ ਮਾਮਲੇ ਵਿੱਚ ਫਸਿਆ ਹੋਇਆ ਹੈ। ਇਨ੍ਹਾਂ ਸਾਰਿਆਂ ਵਿਰੁੱਧ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਫਰਾਰ ਵਿਧਾਇਕ ਨੂੰ ਭੱਜਣ ਵਿੱਚ ਮਦਦ ਕਰਨ, ਉਸਨੂੰ ਪਨਾਹ ਦੇਣ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੇ ਦੋਸ਼ਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਜ਼ਿਕਰ ਕਰ ਦਈਏ ਕਿ ਮੁਲਜ਼ਮਾਂ ਵਿੱਚ ਵਿਧਾਇਕ ਦੇ ਪੁੱਤਰ ਹਰਜਸ਼ਨ ਸਿੰਘ ਉਰਫ਼ ਜਸ਼ਨ, ਪੀਏ ਗੁਰਪ੍ਰੀਤ ਸਿੰਘ ਗੁਰੀ, 'ਆਪ' ਦੇ ਜ਼ਿਲ੍ਹਾ ਯੁਵਾ ਮੁਖੀ ਅਮਰ ਸਿੰਘ ਸੰਘੇੜਾ, ਅਮਨਦੀਪ ਢੋਟ, ਸਾਜਨ, ਧਰਮਿੰਦਰ ਬਿੱਟੂ ਅਤੇ ਹੋਰ ਸ਼ਾਮਲ ਹਨ। ਪਠਾਨਮਾਜਰਾ ਪੁਲਿਸ ਹਿਰਾਸਤ ਤੋਂ ਬਾਹਰ ਹੈ। ਉਸਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਪਟਿਆਲਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪੁਲਿਸ ਟੀਮਾਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਹੋਰ ਰਾਜਾਂ ਵਿੱਚ ਪਠਾਨਮਾਜਰਾ ਦੀ ਭਾਲ ਕਰ ਰਹੀਆਂ ਹਨ।
ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰ ਕਰ ਦਈਏ ਕਿ ਪਟੀਸ਼ਨਰ ਤੇ ਵਿਧਾਇਕ ਦੀ ਪਤਨੀ ਸਿਮਰਨਜੀਤ ਕੌਰ ਨੇ ਖ਼ਦਸ਼ਾ ਜਤਾਇਆ ਕਿ ਪੰਜਾਬ ਪੁਲੀਸ ਉਨ੍ਹਾਂ ਦੇ ਪਤੀ ਦਾ ‘ਫ਼ਰਜ਼ੀ ਮੁਕਾਬਲਾ’ ਕਰ ਸਕਦੀ ਹੈ। ਜਸਟਿਸ ਤ੍ਰਿਭੂਵਨ ਦਹੀਆ ਦੇ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਲਈ 23 ਸਤੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਇਸ ਤੋਂ ਬਾਅਦ ਇਹ ਮਾਮਲਾ ਮੁੜ ਤੋਂ ਸੁਰਖੀਆਂ ਵਿੱਚ ਆ ਗਿਆ ਹੈ।
ਪਤਨੀ ਨੇ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਪਤੀ ਦਾ ਮੁਕਾਬਲਾ ਹੋ ਸਕਦਾ ਹੈ। ਜਦੋਂ ਤੋਂ ਉਨ੍ਹਾਂ ਦੇ ਪਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਲਈ ਉਸ ਨੇ ਮੰਗ ਕੀਤੀ ਹੈ ਕਿ ਉਸ ਦੇ ਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਇਸ 'ਤੇ ਹਲਫ਼ਨਾਮਾ ਦਾਇਰ ਕਰਨ ਅਤੇ 23 ਸਤੰਬਰ ਤੱਕ ਜਵਾਬ ਦੇਣ ਦੇ ਹੁਕਮ ਦਿੱਤੇ ਹਨ।






















