AAP Congress Alliance 2024: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਸੰਕੇਤ ਦਿੱਤਾ ਹੈ। ਉਨ੍ਹਾਂ ਨੇ ਐਤਵਾਰ (11 ਫਰਵਰੀ) ਨੂੰ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਸਾਰੀਆਂ ਸੱਤ ਸੀਟਾਂ ਆਮ ਆਦਮੀ ਪਾਰਟੀ (ਆਪ) ਨੂੰ ਦੇਣ ਦਾ ਫੈਸਲਾ ਕੀਤਾ ਹੈ। ਅਜਿਹੇ 'ਚ ਕਿਆਸਰਾਈਆਂ ਸ਼ੁਰੂ ਹੋ ਗਈਆਂ ਹਨ ਕਿ ਕੀ 'ਆਪ' ਦਿੱਲੀ 'ਚ ਇਕੱਲੇ ਚੋਣ ਲੜੇਗੀ ਜਾਂ ਨਹੀਂ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਲੜਨ ਦਾ ਐਲਾਨ ਕੀਤਾ ਸੀ।


ਇਸ ਤੋਂ ਪਹਿਲਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਮਿਲ ਕੇ ਲੋਕ ਸਭਾ ਚੋਣਾਂ ਲੜਨ ਲਈ ਸੀਟਾਂ ਦੀ ਵੰਡ 'ਤੇ ਚਰਚਾ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ ਕੋਈ ਅੰਤਿਮ ਫੈਸਲਾ ਨਹੀਂ ਲਿਆ ਜਾ ਸਕਿਆ ਹੈ। ਸੂਤਰਾਂ ਮੁਤਾਬਕ 'ਆਪ' ਸੀਟਾਂ ਦੀ ਵੰਡ 'ਚ ਦੇਰੀ ਕਾਰਨ ਕਾਂਗਰਸ ਤੋਂ ਨਾਰਾਜ਼ ਹੈ।






ਜੇ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਨਾ ਕੀਤਾ ਤਾਂ ਹੋ ਜਾਵੇਗੀ ਦਿੱਕਤ


'ਆਪ' ਅਤੇ ਕਾਂਗਰਸ ਸੀਟਾਂ ਦੀ ਵੰਡ 'ਤੇ ਚਰਚਾ ਕਰਨ ਲਈ ਪਹਿਲਾਂ ਹੀ ਦੋ ਵਾਰ ਮੀਟਿੰਗ ਕਰ ਚੁੱਕੇ ਹਨ। ਇਸ ਮੀਟਿੰਗ ਨੂੰ ਕਾਫੀ ਸਮਾਂ ਹੋ ਗਿਆ ਹੈ। ‘ਆਪ’ ਨੇ ਤੀਜੀ ਮੀਟਿੰਗ ਸਬੰਧੀ ਕਾਂਗਰਸ ਤੋਂ ਸਮਾਂ ਮੰਗਿਆ ਸੀ, ਪਰ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਗਿਆ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਬਹੁਤ ਘੱਟ ਸਮਾਂ ਬਚਿਆ ਹੈ ਅਤੇ ਜੇ ਉਹ ਉਮੀਦਵਾਰ ਦਾ ਐਲਾਨ ਨਹੀਂ ਕਰਦੇ ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ। ਇਸ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸਮੇਂ ਸਿਰ ਕਰਨਾ ਹੋਵੇਗਾ। 


ਪੰਜਾਬ ਤੇ ਦਿੱਲੀ ਵਿੱਚ ਇਕੱਲੇ ਲੜਾਂਗੇ ਚੋਣਾਂ


ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਚੋਣ ਲੜਨ ਦਾ ਸੰਕੇਤ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਫੈਸਲਾ ਕਰ ਲਿਆ ਹੈ ਕਿ 'ਆਪ' ਸਾਰੀਆਂ 7 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਪੰਜਾਬ ਦੇ ਲੋਕ ਸਾਨੂੰ ਇਤਿਹਾਸਕ ਫਤਵਾ ਦੇਣਗੇ। ਅਸੀਂ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਾਂਗੇ।ਦੱਸ ਦੇਈਏ ਕਿ ਦਿੱਲੀ ਵਿੱਚ ਕੁੱਲ 7 ਲੋਕ ਸਭਾ ਸੀਟਾਂ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਦਿੱਲੀ ਦੀਆਂ ਸਾਰੀਆਂ ਸੀਟਾਂ ਜਿੱਤੀਆਂ ਸਨ।