ਕੇਜਰੀਵਾਲ ਬਣੇ ਪੰਜਾਬ ਦੇ 'ਸੂਪਰ ਸੀਐਮ'! ਪੰਜਾਬ ਦੇ ਅਫਸਰਾਂ ਨੂੰ ਦਿੱਲੀ ਤਲਬ ਕਰਨ 'ਤੇ ਛਿੜਿਆ ਵਿਵਾਦ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਫਸਰਾਂ ਨੂੰ ਤਲਬ ਕਰਨ ਨਾਲ AAP ਕਸੂਤੀ ਘਿਰ ਗਈ ਹੈ। ਵਿਰੋਧੀ ਧਿਰਾਂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਸਲ ਵਿੱਚ ਸੂਪਰ ਸੀਐਮ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ।
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਫਸਰਾਂ ਨੂੰ ਤਲਬ ਕਰਨ ਨਾਲ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਵਿਰੋਧੀ ਧਿਰਾਂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਸਲ ਵਿੱਚ ਸੂਪਰ ਸੀਐਮ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ, ਬੀਜੇਪੀ ਤੇ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ।
ਦਰਅਸਲ ਪੰਜਾਬ 'ਚ ਖਪਤਕਾਰਾਂ ਨੂੰ ਮੁਫਤ ਬਿਜਲੀ ਦੇਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਹੈਰਾਨੀ ਦੀ ਗੱਲ ਹੈ ਕਿ ਮੀਟਿੰਗ ਵਿੱਚ ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਤੇ ਨਾ ਹੀ ਬਿਜਲੀ ਮੰਤਰੀ ਮੌਜੂਦ ਸਨ। ਇਸ ਲਈ ਵਿਰੋਧੀ ਧਿਰਾਂ ਨੂੰ ਮੌਕਾ ਮਿਲ ਗਿਆ ਹੈ।
ਹਾਲਾਂਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਤੇ ਮੁਫਤ ਬਿਜਲੀ 'ਤੇ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ 'ਚ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੀ 'ਆਪ' ਲੀਡਰਸ਼ਿਪ ਇੱਕ ਵਾਰ ਫਿਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਹੈ।
ਸੋਮਵਾਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਊਰਜਾ ਸਕੱਤਰ ਦਲੀਪ ਕੁਮਾਰ ਤੇ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਸੂਬੇ ਵਿੱਚ ਮੁਫ਼ਤ ਬਿਜਲੀ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੀ।
ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਦਿੱਲੀ ਦੇ ਮੰਤਰੀ ਸਤੇਂਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਪੰਜਾਬ ਵਿੱਚ ਮੁਫਤ ਬਿਜਲੀ ਦੇਣ ਦੇ ਫੈਸਲੇ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਵਿੱਚ ਸੂਬੇ ਦੇ ਮੁੱਖ ਮੰਤਰੀ ਸਮੇਤ ਕੋਈ ਵੀ ਵੱਡਾ ਆਗੂ ਸ਼ਾਮਲ ਨਹੀਂ ਹੋਇਆ।