ਚੰਡੀਗੜ੍ਹ: ਆਮ ਆਦਮੀ ਪਾਰਟੀ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਦੱਸਿਆ ਗਿਆ ਹੈ। ਇਸ ਬਾਰੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਲਿਸਟ ਸ਼ੇਅਰ ਕਰਦਿਆਂ ਵੱਡਾ ਇਲਜ਼ਾਮ ਲਾਇਆ ਹੈ।



ਦਰਅਸਲ ਪੰਜਾਬ ਸਰਕਾਰ ਨੇ ਸੁਰੱਖਿਆ ਲਈ 29 ਅਪ੍ਰੈਲ ਨੂੰ ਇੱਕ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਅਨੁਸਾਰ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਹਨ, ਜਦੋਂਕਿ ਪੰਜਾਬ ਵਿੱਚ ਕਨਵੀਨਰ ਦਾ ਮਤਲਬ ਪ੍ਰਧਾਨ ਹੈ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਹਨ।





ਇਸ ਬਾਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਕਿੰਨੀ ਧੋਖਾਧੜੀ ਕੀਤੀ ਹੈ। ਅਰਵਿੰਦ ਕੇਜਰੀਵਾਲ ,ਭਾਰਤ ਸਰਕਾਰ ਤੋਂ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਕਵਰ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਤੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਖੁਦ ਨੂੰ ਆਪ ਪੰਜਾਬ ਕਨਵੀਨਰ ਵਜੋਂ   ਦਰਸਾ ਰਹੇ ਹਨ , ਜਦਕਿ ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਪ੍ਰਵਾਨਿਤ Z+ ਸ਼੍ਰੇਣੀ ਦੇ ਤਹਿਤ ਕੇਜਰੀਵਾਲ ਕੋਲ ਪਹਿਲਾਂ ਹੀ ਉੱਚ ਪੱਧਰੀ ਸੁਰੱਖਿਆ ਹੈ। ਖਹਿਰਾ ਨੇ ਕਿਹਾ ਹੇਠਾਂ ਦਿੱਤੇ ਦਸਤਾਵੇਜ਼ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦੇ ਹਨ। ਭਗਵੰਤ ਮਾਨ ਨੂੰ ਧੋਖਾਧੜੀ ਦੀ ਵਿਆਖਿਆ ਕਰਨੀ ਚਾਹੀਦੀ ਹੈ?


 

ਦੱਸ ਦੇਈਏ ਕਿ ਪਿਛਲੇ ਮਹੀਨੇ ਪੰਜਾਬ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਖਾਲਿਸਤਾਨੀ ਅੱਤਵਾਦੀਆਂ ਤੋਂ ਵੱਧ ਰਹੇ ਖ਼ਤਰੇ ਬਾਰੇ ਦਿੱਲੀ ਪੁਲਿਸ ਨੂੰ ਪੱਤਰ ਲਿਖਿਆ ਸੀ। ਪੰਜਾਬ ਪੁਲਿਸ ਨੇ ਆਪਣੇ ਪੱਤਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਮੁੱਖ ਮੰਤਰੀ ਕੇਜਰੀਵਾਲ ਨੂੰ ਵਾਧੂ ਸੁਰੱਖਿਆ ਕਵਰ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ ਨੂੰ ਦਿੱਲੀ ਪੁਲਿਸ ਨੇ ਰੱਦ ਕਰ ਦਿੱਤਾ ਸੀ। ਦਿੱਲੀ ਪੁਲਿਸ ਨੇ ਕਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਪ੍ਰਵਾਨਿਤ Z+ ਸ਼੍ਰੇਣੀ ਦੇ ਤਹਿਤ ਕੇਜਰੀਵਾਲ ਕੋਲ ਪਹਿਲਾਂ ਹੀ ਉੱਚ ਪੱਧਰੀ ਸੁਰੱਖਿਆ ਹੈ।