Arvind Kejriwal Summons: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਂਚ ਏਜੰਸੀ ਨੇ ਉਸ ਨੂੰ 31 ਜਨਵਰੀ ਨੂੰ ਪੰਜਵਾਂ ਸੰਮਨ ਭੇਜ ਕੇ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਆਪ ਨੇ ਕਿਹਾ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟੀਚਾ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਅਤੇ ਦਿੱਲੀ ਸਰਕਾਰ ਨੂੰ ਡੇਗਣਾ ਹੈ। ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।



ਕੇਜਰੀਵਾਲ ਵੱਲੋਂ ED ਅੱਗੇ ਪੰਜਵੀ ਵਾਰ ਪੇਸ਼ ਨਾ ਹੋਣ 'ਤੇ ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਵੱਡਾ ਦਾਅਵਾ ਕੀਤਾ ਹੈ। ਸਿਰਸਾ ਨੇ ਕਿਹਾ ਕਿ  ਕੇਜਰੀਵਾਲ ਨੂੰ ਪਤਾ ਹੈ ਕਿ ਸ਼ਰਾਬ ਘੁਟਾਲੇ ਵਿੱਚ ਉਨ੍ਹਾਂ ਦੇ ਖਿਲਾਫ ਇੰਨੇ ਮਜ਼ਬੂਤ ​​ਸਬੂਤ ਹਨ ਕਿ ਉਹ ਜ਼ਰੂਰ ਜੇਲ੍ਹ ਜਾਣਗੇ। ਸਿਰਸਾ ਨੇ ਦਾਅਵਾ ਕੀਤਾ ਕਿ  'ਆਪ' ਦੇ ਇੱਕ ਸੀਨੀਅਰ ਨੇਤਾ ਜੋ ਕੇਜਰੀਵਾਲ ਤੋਂ ਬਾਅਦ ਦੂਸਰੇ ਨੰਬਰ 'ਤੇ ਆਉਂਦੇ ਹਨ ਉਹਨਾਂ ਨੇ ਮੈਨੂੰ ਦੱਸਿਆ ਹੈ ਕਿ ਕੇਜਰੀਵਾਲ ਪਹਿਲਾਂ ਆਪਣੀ ਪਤਨੀ ਨੂੰ ਮੁੱਖ ਮੰਤਰੀ ਬਣਾਉਣਗੇ ਅਤੇ ਫਿਰ ED ਕੋਲ ਜਾਣਗੇ। ਸਿਰਸਾ ਨੇ ਕਿਹਾ ਕਿ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿਣ ਵਾਲੇ ਕੇਜਰੀਵਾਲ ਜੀ ਸੱਤਾ ਦੇ ਮੋਹ ਕਾਰਨ ਕਿਸੇ ਵੀ ਪੱਧਰ ਤੱਕ ਝੁਕ ਸਕਦੇ ਹਨ।


 


ਕੇਜਰੀਵਾਲ ਨੂੰ ਈਡੀ ਨੇ ਪੰਜਵਾਂ ਸੰਮਨ ਜਾਰੀ ਕੀਤਾ ਸੀ ਪਰ ਉਹ ਅੱਜ ਵੀ ਪੇਸ਼ ਨਹੀਂ ਹੋਏ। ਈਡੀ ਨੇ ਇਸ ਤੋਂ ਪਹਿਲਾਂ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਕੇਜਰੀਵਾਲ ਨੇ 17 ਜਨਵਰੀ ਨੂੰ ਕਿਹਾ ਸੀ ਕਿ ਭਾਜਪਾ ਮੈਨੂੰ ਗ੍ਰਿਫਤਾਰ ਕਰਵਾਉਣਾ ਚਾਹੁੰਦੀ ਹੈ, ਤਾਂ ਜੋ ਮੈਂ ਲੋਕ ਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਾਂ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਸੰਸਦ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ।