ED ਦੀ ਰੇਡ ਮਗਰੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕੇਜਰੀਵਾਲ ਨੇ CM ਚੰਨੀ 'ਤੇ ਸਾਧਿਆ ਨਿਸ਼ਾਨਾ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰਾਂ ਦੇ ਘਰ ਸਮੇਤ ਕਈ ਥਾਵਾਂ 'ਤੇ ਈਡੀ ਦੀ ਰੇਡ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ।
ਸ਼ੰਕਰ ਦਾਸ ਦੀ ਰਿਪੋਰਟ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰਾਂ ਦੇ ਘਰ ਸਮੇਤ ਕਈ ਥਾਵਾਂ 'ਤੇ ਈਡੀ ਦੀ ਰੇਡ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ।
ਕੇਜਰੀਵਾਲ ਨੇ ਕਿਹਾ, ''ਇਹ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਦੇ ਰਿਸ਼ਤੇਦਾਰ 'ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਰਾਘਵ ਚੱਢਾ ਨੇ ਬੀਤੇ ਦਿਨੀਂ ਦਿਖਾਇਆ ਸੀ ਕਿ ਕਿਵੇਂ ਚੰਨੀ ਦੇ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
ਕੇਜਰੀਵਾਲ ਨੇ ਕਿਹਾ ਇਸ ਦਾ ਪਰਦਾਫਾਸ਼ ਕਰਨ ਦੇ ਬਾਵਜੂਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਾਰਵਾਈ ਨਹੀਂ ਕੀਤੀ ਤੇ ਇਸ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਵੀ ਕੀਤੀ। ਇਹ ਸਪੱਸ਼ਟ ਹੋ ਗਿਆ ਹੈ ਕਿ ਉਹ (ਸੀਐਮ) ਤੇ ਉਨ੍ਹਾਂ ਦਾ ਪਰਿਵਾਰ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਉਸ ਵਿਅਕਤੀ ਤੋਂ ਪੰਜਾਬ ਦੇ ਭਵਿੱਖ ਲਈ ਕੀ ਉਮੀਦ ਕੀਤੀ ਜਾ ਸਕਦੀ ਹੈ, ਜਿਸ ਦਾ ਪਰਿਵਾਰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹੈ।
ਕੇਜਰੀਵਾਲ ਨੇ ਦੋਸ਼ ਲਾਇਆ ਕਿ ਅਸੀਂ ਵਾਰ-ਵਾਰ ਕਹਿ ਰਹੇ ਹਾਂ ਕਿ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵਿੱਚ ਅਜਿਹੇ ਲੋਕ ਹਨ ,ਜੋ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹਨ ਤੇ ਚੰਨੀ ਸਾਹਿਬ ਖੁਦ ਉਨ੍ਹਾਂ ਨੂੰ ਸਰਪ੍ਰਸਤੀ ਦੇ ਰਹੇ ਹਨ। ਕੇਜਰੀਵਾਲ ਨੇ ਪੁੱਛਿਆ ਕਿ ਚੰਨੀ ਸਾਹਿਬ ਨੇ ਉਨ੍ਹਾਂ ਨੂੰ ਬਾਹਰ ਕਿਉਂ ਨਹੀਂ ਕੱਢਿਆ? CM ਚੰਨੀ ਨੇ ਉਨ੍ਹਾਂ ਨੂੰ ਕੈਬਨਿਟ ਵਿੱਚ ਕਿਉਂ ਰੱਖਿਆ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ 'ਰੇਤ ਮਾਫੀਆ' ਅਤੇ ਸਰਹੱਦੀ ਰਾਜ ਵਿੱਚ ਕਥਿਤ ਗੈਰ-ਕਾਨੂੰਨੀ ਰੇਤ ਮਾਈਨਿੰਗ ਨਾਲ ਜੁੜੀਆਂ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਚੋਣਾਂ ਵਾਲੇ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।