Corona in Punjab: ਕੋਰੋਨਾ ਦਾ ਕਹਿਰ ਵਧਣ ਮਗਰੋਂ ਪੰਜਾਬ ਸਰਕਾਰ ਵੱਲੋਂ ਸਖਤੀ ਦੇ ਹੁਕਮ
Corona cases in Punjab: ਪੰਜਾਬ ਵਿੱਚ ਕੋਰੋਨਾ ਦੇ ਕੇਸ ਵਧਣ ਮਗਰੋਂ ਪੰਜਾਬ ਤੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਪਣੀ ਟੀਮ ਭੇਜੀ ਹੈ ਜਿਸ ਨੇ ਮੋਰਚਾ ਸੰਭਾਲ ਲਿਆ ਹੈ। ਇਹ ਟੀਮ ਪੰਜਾਬ ਦੇ ਸਿਹਤ ਮਹਿਕਮੇ ਨਾਲ ਮਿਲ ਕੇ ਕੰਮ ਕਰੇਗੀ। ਟੀਮ ਪੜਤਾਲ ਤੇ ਕਰੋਨਾ ਦੀ ਰੋਕਥਾਮ ਲਈ ਸਬੰਧਤ ਸੂਬਾ ਸਿਹਤ ਅਧਿਕਾਰੀਆਂ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਮੁੱਖ ਸਕੱਤਰ ਤੇ ਸਕੱਤਰ (ਸਿਹਤ) ਨੂੰ ਵੀ ਦੇਵੇਗੀ।
ਨਵੀਂ ਦਿੱਲੀ: ਪੰਜਾਬ ਵਿੱਚ ਕੋਰੋਨਾ ਦੇ ਕੇਸ ਵਧਣ ਮਗਰੋਂ ਪੰਜਾਬ ਤੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਪਣੀ ਟੀਮ ਭੇਜੀ ਹੈ ਜਿਸ ਨੇ ਮੋਰਚਾ ਸੰਭਾਲ ਲਿਆ ਹੈ। ਇਹ ਟੀਮ ਪੰਜਾਬ ਦੇ ਸਿਹਤ ਮਹਿਕਮੇ ਨਾਲ ਮਿਲ ਕੇ ਕੰਮ ਕਰੇਗੀ। ਟੀਮ ਪੜਤਾਲ ਤੇ ਕਰੋਨਾ ਦੀ ਰੋਕਥਾਮ ਲਈ ਸਬੰਧਤ ਸੂਬਾ ਸਿਹਤ ਅਧਿਕਾਰੀਆਂ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਮੁੱਖ ਸਕੱਤਰ ਤੇ ਸਕੱਤਰ (ਸਿਹਤ) ਨੂੰ ਵੀ ਦੇਵੇਗੀ।
ਉਧਰ, ਤਾਜ਼ਾ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਕਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ਨੀਵਾਰ ਨੂੰ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ’ਚ ਕਰੋਨਾ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਤੇ ਕੋਵਿਡ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਸੂਬੇ ’ਚ ਨੇਮਾਂ ਦੀ ਪਾਲਣਾ ਤੇ ਚੌਕਸੀ ਦੇ ਆਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਤੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਮੁਖੀਆਂ ਵੱਲੋਂ ਲਾਜ਼ਮੀ ਤੌਰ ’ਤੇ ਵਿਆਹਾਂ, ਧਾਰਮਿਕ ਸਮਾਗਮਾਂ ਤੇ ਸਮਾਜਿਕ ਕਾਰਜਾਂ ਵਰਗੇ ਵੱਡੇ ਇਕੱਠਾਂ ਦੌਰਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਮਤ ਇਕੱਤਰਤਾ ਯਕੀਨੀ ਬਣਾਈ ਜਾਵੇ।
ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਤੇ ਲੋਕਾਂ ਦੇ ਇਕੱਠ ਵਾਲੀਆਂ ਹੋਰ ਥਾਵਾਂ ’ਤੇ ਕੋਵਿਡ ਨਿਗਰਾਨ ਨਿਯੁਕਤ ਕੀਤੇ ਜਾਣ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਥਾਵਾਂ ’ਤੇ ਕੋਵਿਡ-19 ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਤੇ ਕੋਵਿਡ ਸਬੰਧੀ ਸਿਹਤ ਪ੍ਰੋਟੋਕਾਲਾਂ ਲਈ ਲੋਕਾਂ ਨੂੰ ਜਾਗਰੂਕ ਕਰਨ।
ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬਿਮਾਰੀ ਦਾ ਫੈਲਾਅ ਘੱਟ ਹੈ, ਇਸ ਲਈ ਸਕੂਲ ਬੰਦ ਕਰਨ ਦੀ ਲੋੜ ਨਹੀਂ। ਸਕੂਲ ਅਧਿਆਪਕਾਂ ਨੂੰ ਟੈਸਟ ਕਰਵਾਉਣ ਲਈ ਉਤਸ਼ਾਹਤ ਕੀਤਾ ਜਾਵੇ ਤੇ ਯੋਗ ਅਧਿਆਪਕਾਂ ਨੂੰ ਪਹਿਲ ਦੇ ਆਧਾਰ ’ਤੇ ਫਰੰਟ ਲਾਈਨ ਵਰਕਰਾਂ ਵਜੋਂ ਲਾਜ਼ਮੀ ਤੌਰ ’ਤੇ ਟੀਕਾ ਲਾਇਆ ਜਾਵੇ।
ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਹੁਣ ਤੱਕ 2,38,367 ਵਿਅਕਤੀਆਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਤੇ ਟੀਕਾ ਲਵਾਉਣ ਪਿੱਛੋਂ ਕਿਸੇ ਵੀ ਵਿਅਕਤੀ ਨੂੰ ਕੋਈ ਸਿਹਤ ਸਮੱਸਿਆ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਮੁੱਖ ਸਕੱਤਰ ਨੂੰ ਇੱਕ ਮਾਡਲ ਬਾਰੇ ਵੀ ਜਾਣੂ ਕਰਵਾਇਆ ਜੋ ਮਾਰਚ ਦੇ ਅੱਧ ਤੋਂ ਲੈ ਕੇ ਮਾਰਚ ਦੇ ਅਖੀਰ ਤੱਕ ਪ੍ਰਤੀ ਦਿਨ 3000 ਮਾਮਲੇ ਸਾਹਮਣੇ ਆਉਣ ਦੀ ਸੰਭਾਵਨਾ ਬਾਰੇ ਜਾਣਕਾਰੀ ਦਿੰਦਾ ਹੈ।