ਚੰਡੀਗੜ੍ਹ : ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਸਰਗਰਮ ਹੋ ਗਈ ਹੈ। ਪਾਰਟੀ ਅੰਦਰ ਉੱਠ ਰਹੀਆਂ ਬਾਗੀ ਸੁਰਾਂ ਵਿਚਾਲੇ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਸ਼ਕਤੀ ਪ੍ਰਦਰਸ਼ਨ ਕਰਕੇ ਬਾਗੀ ਸੁਰਾਂ ਵਾਲੇ ਲੀਡਰਾਂ ਨੂੰ ਸਖਤ ਸੁਨੇਹਾ ਦੇਣਗੇ।
ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ ਜਿਸ ਦੀ ਪ੍ਰਧਾਨਗੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਅਕਾਲੀ ਦਲ ਵਿੱਚ ਉੱਠ ਰਹੀਆਂ ਬਾਗੀ ਸੁਰਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ ਜਿਸ ਵਿੱਚ ਪਾਰਟੀ ਨੂੰ ਇੱਕਜੁੱਟ ਕਰਨ ਤੇ ਬਾਗੀਆਂ ਖਿਲਾਫ ਕਾਰਵਾਈ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਦੱਸ ਦਈਏ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਕੱਲ੍ਹ ਹੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਉਹ ਵੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਵੀ ਅਹਿਮ ਹੈ ਕਿ ਮਾਝਾ ਅਕਾਲੀ ਦਲ ਵਿੱਚ ਬਗਾਵਤ ਦਾ ਕੇਂਦਰ ਬਣਦਾ ਜਾ ਰਿਹਾ ਹੈ। ਇਸ ਲਈ ਮਜੀਠੀਆ ਵੱਲੋਂ ਜੇਲ੍ਹ ਤੋਂ ਬਾਹਰ ਆ ਕੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਦਰਅਸਲ ਲਗਾਤਾਰ ਦੋ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਕਰਾਰੀ ਹਾਰ ਤੋਂ ਬਾਅਦ ਸੁਖਬੀਰ ਬਾਦਲ ਦੀ ਕਮਾਨ 'ਤੇ ਸਵਾਲ ਚੁੱਕੇ ਜਾ ਰਹੇ ਹਨ। ਪਾਰਟੀ ਅੰਦਰ ਆਵਾਜ਼ ਉੱਠਣ ਲੱਗੀ ਹੈ ਕਿ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ਕੋਰ ਕਮੇਟੀ ਸਮੇਤ ਸਾਰੇ ਵਿੰਗ ਭੰਗ ਕਰ ਦਿੱਤੇ ਪਰ ਪ੍ਰਧਾਨਤਾ ਨਹੀਂ ਛੱਡੀ। ਇਸ ਤੋਂ ਬਾਅਦ ਬਾਗੀ ਰਵੱਈਆ ਦਿਖਾ ਰਹੇ ਮਨਪ੍ਰੀਤ ਇਆਲੀ ਤੇ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਸੀਨੀਅਰ ਆਗੂਆਂ ਨੇ ਅੰਮ੍ਰਿਤਸਰ ਵਿੱਚ ਮੀਟਿੰਗ ਕੀਤੀ ਸੀ।
ਇਹ ਵੀ ਚਰਚਾ ਹੈ ਕਿ ਬਾਦਲ ਪਰਿਵਾਰ ਖ਼ਿਲਾਫ਼ ਝੰਡਾ ਬੁਲੰਦ ਕਰਨ ਵਾਲੇ ਅਕਾਲੀ ਲੀਡਰਾਂ ਵਿਰੁੱਧ ਜਲਦ ਹੀ ਸਖਤ ਕਾਰਵਾਈ ਹੋਣ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਹਲ ਵਿੱਚ ਅਨੁਸ਼ਾਸਨੀ ਕਮੇਟੀ ਬਣਾਈ ਹੈ। ਬਾਗੀ ਸੁਰਾਂ ਵਾਲੇ ਲੀਡਰਾਂ ਦੀ ਲਿਸਟ ਅਨੁਸ਼ਾਸਨੀ ਕਮੇਟੀ ਕੋਲ ਪਹੁੰਚ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਭ ਤੋਂ ਪਹਿਲਾਂ ਗਾਜ਼ ਜਗਮੀਤ ਸਿੰਘ ਬਰਾੜ ਉੱਪਰ ਡਿੱਗ ਸਕਦੀ ਹੈ।
ਇਹ ਵੀ ਅਹਿਮ ਗੱਲ ਹੈ ਕਿ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ ਪਰ ਇਸ ਮਗਰੋਂ ਬਾਗੀ ਸੁਰਾਂ ਵੇਖਦਿਆਂ ਤੁਰੰਤ ਅਨੁਸ਼ਾਸਨੀ ਕਮੇਟੀ ਬਣਾਉਣੀ ਪਈ ਹੈ। ਸੁਖਬੀਰ ਬਾਦਲ ਨੇ ਇਸ ਕਮੇਟੀ ਦਾ ਮੁਖੀ ਵੀ ਆਪਣੇ ਖਾਸ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਬਣਾਇਆ ਹੈ। ਇਸ ਤੋਂ ਇਲਾਵਾ ਮੈਂਬਰ ਵੀ ਬਾਦਲ ਪਰਿਵਾਰ ਦੇ ਕਰੀਬੀ ਹੀ ਹਨ।