ਪਟਿਆਲਾ : ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਬੀਜੇਪੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਪਹੁੰਚੇ ,ਜਿੱਥੇ ਉਨ੍ਹਾਂ ਵੱਲੋਂ ਵੱਖ ਵੱਖ ਆਗੂਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਗੱਲਬਾਤ ਕਰਦਿਆਂ ਇਸ ਘਟਨਾ ਨੂੰ ਲੈ ਕੇ ‘ਆਪ’ਦੀ ਪਾਰਟੀ ਦੀ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਵਿਚ ਅਸਫਲ ਸਾਬਤ ਹੋਈ ਹੈ। ਉਨ੍ਹਾਂ ਇਸ ਘਟਨਾ ਦੇ ਮੁੱਖ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਵੀ ਸਰਕਾਰ ਨੂੰ ਅਪੀਲ ਕੀਤੀ ਹੈ।
ਇਸ ਤੋਂ ਪਹਿਲਾਂ ਭਾਜਪਾ ਦੇ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਕਿ ਪੰਜਾਬ ਦੇ ਲਈ ਇਹ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਬਾਹਰ ਬੈਠੇ ਲੋਕ ਪੰਜਾਬ ਦਾ ਮਾਹੌਲ ਤੇ ਵਿਰਸੇ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸਦੇ ਨਾਲ ਹੀ ਅਸ਼ਵਨੀ ਨੇ ਕਿਹਾ ਕਿ ਵਿਰੋਧੀਆਂ ਦਾ ਪਰਦਾਫਾਸ਼ ਕਰਨਾ ਪੰਜਾਬ ਸਰਕਾਰ ਦਾ ਕੰਮ ਹੈ।
ਓਧਰ ਪਟਿਆਲਾ ‘ਚ ਵਾਪਰੀ ਘਟਨਾ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann)ਨੇ ਡੀ.ਜੀ.ਪੀ. ਅਤੇ ਪੰਜਾਬ ਦੇ ਵੱਡੇ ਅਧਿਕਾਰੀ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੌਰਾਨ ਸੀ.ਐੱਮ ਭਗਵੰਤ ਮਾਨ ਸਖ਼ਤ ਰਵੱਈਏ ’ਚ ਨਜ਼ਰ ਆਏ ਅਤੇ ਅਧਿਕਾਰੀਆਂ ਨੂੰ ਨਸੀਹਤ ਵੀ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗੇ। ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।