ਸੰਗਰੂਰ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਦੋ ਮਹੀਨਿਆਂ ਅੰਦਰ ਹੀ ਨੌਸਿਖੀਆਂ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਖ਼ਤਰੇ 'ਚ ਪਾ ਦਿੱਤਾ ਹੈ ਜਿਸ ਦੇ ਭਿਆਨਕ ਸਿੱਟੇ ਨਿਕਲ ਸਕਦੇ ਹਨ।
ਸੰਗਰੂਰ ਜ਼ਿਮਨੀ ਚੋਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਦਾ ਭਲਾ ਇਸੇ ਵਿੱਚ ਹੈ ਕਿ ਲੋਕ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਜਿਤਾ ਕੇ ਸੰਸਦ ਵਿੱਚ ਭੇਜਣ ਕਿਉਂਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ ਤੇ ਵਧੀਆ ਤਰੀਕੇ ਨਾਲ ਢਿੱਲੋਂ ਹਲਕੇ ਦੇ ਲੋਕਾਂ ਦੀ ਸੇਵਾ ਕਰ ਸਕਦੇ ਹਨ। ਉਨ੍ਹਾਂ ‘ਆਪ’ ਸਰਕਾਰ ’ਤੇ ਤਨਜ਼ ਕੱਸਦਿਆਂ ਕਿਹਾ ਕਿ ਬੜੀ ਮੁਸ਼ਕਲ ਨਾਲ ਪੰਜਾਬ ਵਿਚ ਅਮਨ ਸ਼ਾਂਤੀ ਬਹਾਲ ਹੋਈ ਸੀ ਪਰ ਦੋ ਮਹੀਨਿਆਂ ਦੇ ਅੰਦਰ ਹੀ ਨੌਸਿਖੀਆਂ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਨਿਰਾਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਦੇ ਨਤੀਜੇ ਬਦਲਾਅ ਵਾਲੇ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੋਈ ਵੀ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਜਿਸ ਨਾਲ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕੋਈ ਆਂਚ ਆਵੇ।
ਆਮ ਆਦਮੀ ਪਾਰਟੀ ‘ਆਪ’ ਆਗੂ ਰਾਘਵ ਚੱਢਾ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਵਾਲੇ ਕਾਂਗਰਸੀ ਆਗੂਆਂ ਬਾਰੇ ਦਿੱਤੇ ਬਿਆਨ ’ਤੇ ਟਿੱਪਣੀ ਕਰਦਿਆਂ ਸ਼ਰਮਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਰਾਜਨੀਤੀ ਦੀ ਸਮਝ ਨਹੀਂ ਹੈ ਤੇ ਸ਼ਬਦਾਂ ਦੀ ਮਰਿਆਦਾ ਅਜਿਹੀ ਨਹੀਂ ਹੋਣੀ ਚਾਹੀਦੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।