Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏ.ਐਸ.ਆਈ. ਜਗਰੂਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰਾ ਦੇ ਵਸਨੀਕ ਲਖਵੀਰ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਖਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਅਤੇ ਲੜਕੇ ਵਿਰੁੱਧ ਉਸ ਦੇ ਪਿੰਡ ਦੀਆਂ ਕੁਝ ਔਰਤਾਂ ਵੱਲੋਂ ਥਾਣਾ ਤਲਵੰਡੀ ਸਾਬੋ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਪੜਤਾਲ ਉਕਤ ਏ.ਐਸ.ਆਈ. ਵੱਲੋਂ ਕੀਤੀ ਜਾ ਰਹੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਜਗਰੂਪ ਸਿੰਘ ਨੇ ਇਸ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਅਤੇ ਉਹ ਪਹਿਲਾਂ ਹੀ ਉਸ ਕੋਲ਼ੋਂ 5000 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਅੱਜ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਉੱਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਏ.ਐਸ.ਆਈ.ਜਗਰੂਪ ਸਿੰਘ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ