ਫਰੀਦਕੋਟ : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਸਹਾਇਕ ਸੁਪਰਡੈਂਟ ਨੂੰ 78.10 ਗ੍ਰਾਮ ਹੈਰੋਇਨ ਵਰਗੇ ਨਸ਼ੀਲੇ ਪਾਊਡਰ ਅਤੇ ਇੱਕ ਟੱਚ ਸਕਰੀਨ ਮੋਬਾਈਲ ਫੋਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਕਾਰ ਵਿੱਚੋਂ 67 ਹਜ਼ਾਰ ਰੁਪਏ ਦੀ ਨਕਦੀ ਅਤੇ ਤਿੰਨ ਹੋਰ ਮੋਬਾਈਲ ਫ਼ੋਨ ਵੀ ਬਰਾਮਦ ਹੋਏ ਹਨ। ਇਸ ਦੌਰਾਨ ਮੁਲਜ਼ਮ ਵੱਲੋਂ ਜੇਲ੍ਹ ਮੁਲਾਜ਼ਮਾਂ ਨਾਲ ਬਦਸਲੂਕੀ ਅਤੇ ਹੱਥੋਪਾਈ ਵੀ ਕੀਤੀ ਗਈ।



ਡੀਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਕਰੀਬ 4 ਵਜੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਿੰਨੀ ਟਾਂਕ ਆਪਣੀ ਡਿਊਟੀ ’ਤੇ ਪੁੱਜੇ। ਜੇਲ੍ਹ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਡਿਉੜੀ ਵਿੱਚ ਡਿਊਟੀ ’ਤੇ ਤਾਇਨਾਤ ਵਾਰਡਨ ਜਸਵੀਰ ਸਿੰਘ ਦੀ ਅਗਵਾਈ ਵਿੱਚ ਉਸ ਦੀ ਤਲਾਸ਼ੀ ਲਈ ਗਈ। ਜਦੋਂ ਵਾਰਡਨ ਨੇ ਸਹਾਇਕ ਸੁਪਰਡੈਂਟ ਦੇ ਹੱਥ ਵਿੱਚ ਫੜੀ ਫਾਈਲ ਦੀ ਤਲਾਸ਼ੀ ਲਈ ਤਾਂ ਉਸ ਨੇ ਉਸ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ ਅਤੇ ਇੱਕ ਕਮਰੇ ਵਿੱਚ ਵੜ ਗਿਆ।

ਇਸ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਫਾਈਲ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਇੱਕ ਟੱਚ ਸਕਰੀਨ ਮੋਬਾਈਲ ਫੋਨ ਅਤੇ ਨਸ਼ੀਲੇ ਪਾਊਡਰ ਦੇ 8 ਛੋਟੇ ਪੈਕੇਟ ਬਰਾਮਦ ਹੋਏ ਹਨ। ਜਿਨ੍ਹਾਂ ਦਾ ਕੁੱਲ ਵਜ਼ਨ 78.10 ਗ੍ਰਾਮ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੋਂ ਬਾਅਦ ਜ਼ਿਲ੍ਹਾ ਪੁਲੀਸ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਸਹਾਇਕ ਸੁਪਰਡੈਂਟ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਜਦੋਂ ਮੁਲਜ਼ਮ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 67 ਹਜ਼ਾਰ ਦੀ ਨਕਦੀ ਅਤੇ ਤਿੰਨ ਹੋਰ ਮੋਬਾਈਲ ਫੋਨ ਵੀ ਬਰਾਮਦ ਹੋਏ।

ਐਸਪੀ ਅਨੁਸਾਰ ਉਕਤ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਰਿਮਾਂਡ ਦੌਰਾਨ ਪੁਲੀਸ ਇਹ ਜਾਣਕਾਰੀ ਜੁਟਾਉਣ ਦੀ ਕੋਸ਼ਿਸ਼ ਕਰੇਗੀ ਕਿ ਮੁਲਜ਼ਮ ਕਿੰਨੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਪਹੁੰਚਾ ਰਿਹਾ ਸੀ ਅਤੇ ਇਸ ਕੰਮ ਵਿੱਚ ਉਸ ਦਾ ਕੌਣ-ਕੌਣ ਸਹਿਯੋਗ ਕਰ ਰਿਹਾ ਸੀ।