ਉਧਰ, ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਹਮਲੇ ਹੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਪਰਚਾ ਦਰਜ ਕਰਨ ਦੀ ਥਾਂ ਬੇਸ਼ੱਕ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕਰਵਾ ਦਿੱਤੀ ਜਾਵੇ। ਬਿੱਟੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਹਰ ਵਰਗ ’ਚ ਖੇਤੀਬਾੜੀ ਬਿੱਲਾਂ ਖ਼ਿਲਾਫ਼ ਰੋਸ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਬੀਜੇਪੀ ਪ੍ਰਧਾਨ ’ਤੇ ਹਮਲਾ ਹੋਇਆ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਿਸਾਨ ਆਪਣੇ ਹੱਕਾਂ ਲਈ ਰੇਲ ਪਟੜੀਆਂ, ਸੜਕਾਂ ’ਤੇ ਧਰਨਾ ਲਗਾ ਰਹੇ ਹਨ ਤੇ ਦੂਜੇ ਪਾਸੇ ਬੀਜੇਪੀ ਲੀਡਰ ਉਨ੍ਹਾਂ ਕੋਲੋਂ ਹੂਟਰ ਮਾਰਦਿਆਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਅੱਗੇ ਵੀ ਜੇਕਰ ਕਿਸੇ ਬੀਜੇਪੀ ਲੀਡਰਾਂ ’ਤੇ ਅਜਿਹੀ ਹਰਕਤ ਕਰਨ ਮਗਰੋਂ ਹਮਲਾ ਹੁੰਦਾ ਹੈ ਤਾਂ ਉਸ ਲਈ ਵੀ ਜ਼ਿੰਮੇਵਾਰ ਰਵਨੀਤ ਸਿੰਘ ਬਿੱਟੂ ਹੋਵੇਗਾ।
ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਮਲੇ ਦੇ ਮੱਦੇਨਜ਼ਰ ਰਾਜ ਦੀ ਅਮਨ ਤੇ ਕਾਨੂੰਨ ਵਿਵਸਥਾ ਭੰਗ ਕਰਨ ਲਈ ਬੀਜੇਪੀ ਭੜਕਾਊ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ। ਕੈਪਟਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਬੀਜੇਪੀ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹਨ ਤਾਂ ਜੋ ਖੇਤੀ ਕਾਨੂੰਨਾਂ ਬਾਰੇ ਭਾਜਪਾ ਖ਼ਿਲਾਫ਼ ਕਿਸਾਨਾਂ ਵਿਚ ਪੈਦਾ ਹੋਏ ਰੋਹ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਲੋਕ ਗੁੰਮਰਾਹ ਨਹੀਂ ਹੋਣਗੇ।