ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲ ਜੁੱਤੀ ਸੁੱਟਣ ਵਾਲੇ ਵਿਅਕਤੀਆਂ ਖ਼ਿਲਾਫ਼ ਦਰਜ ਐਫਆਈਆਰ ਤੁਰੰਤ ਰੱਦ ਕੀਤੀ ਜਾਵੇ। ਬੈਂਸ ਨੇ ਕਿਹਾ ਕਿ ਜੁੱਤੀ ਸੁੱਟਣ ਵਾਲਿਆਂ ਦਾ ਮਕਸਦ ਗੁੱਸੇ ਦਾ ਇਜ਼ਹਾਰ ਕਰਨਾ ਸੀ, ਨਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਨੁਕਸਾਨ ਪਹੁੰਚਾਉਣਾ।

 

ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਭੇਜ ਕੇ ਦਰਜ ਐਫਆਈਆਰ ਰੱਦ ਕਰਨ ਦੀ ਅਪੀਲ ਕੀਤੀ ਹੈ। ਵਿਧਾਇਕ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਐਫਆਈਆਰ ਨੰਬਰ 104 (ਮਿਤੀ 4-10-2018) ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਥਾਣਾ ਸਦਰ ਸੰਗਰੂਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ’ਤੇ ਜੁੱਤੀ ਸੁੱਟਣ ਦੇ ਮਾਮਲੇ ਵਿੱਚ ਬਚਿੱਤਰ ਸਿੰਘ, ਅਮਰਜੀਤ ਸਿੰਘ ਕਣਕ ਭੰਗੂਆਂ ਤੇ ਹੋਰ ਕਰੀਬ 35 ਵਿਅਕਤੀਆਂ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਦੋਂਕਿ ਸੁਖਬੀਰ ਬਾਦਲ ’ਤੇ ਜੁੱਤੀ ਸੁੱਟਣਾ ਸਿਰਫ਼ ਤੇ ਸਿਰਫ਼ ਲੋਕਾਂ ਦੇ ਗੁੱਸੇ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਿੱਥੇ ਲੋਕਾਂ ਨੂੰ ਕੁੱਟਿਆ ਤੇ ਲੁੱਟਿਆ, ਉੱਥੇ ਪੰਜਾਬ ਅੰਦਰ ਮਾਫ਼ੀਆ ਰਾਜ ਦੀ ਸਥਾਪਨਾ ਵੀ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਮੌਕੇ ਹੀ ਹੋਈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਕਾਂਗਰਸ ਪਾਰਟੀ ਵੱਲੋਂ ਕਾਇਮ ਕੀਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਵੀ ਦੋਵੇਂ ਬਾਦਲਾਂ ਤੇ ਉਸ ਮੌਕੇ ਦੇ ਡੀਜੀਪੀ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ, ਇਸ ਕਾਰਨ ਲੋਕਾਂ ਦੇ ਮਨਾਂ ਵਿਚ ਗੁੱਸਾ ਹੈ।