Attack on Sukhbir Badal: ਸਾਬਕਾ ਉੱਪਰ ਮੁੱਖ ਮੰਤਰੀ ਸੁਖਬੀਰ ਬਾਦਲ ਉਪਰ ਹੋਏ ਹਮਲੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕੀ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।



ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ 'ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ 'ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।


 



ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਦਾ ਅਸਤੀਫਾ


ਉਧਰ, ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਸੇਵਕ ਵਾਂਗ ਸੇਵਾ ਕਰ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਮੈਂ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਦਾ ਹਾਂ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ 'ਤੇ ਹੱਥ ਰੱਖਿਆ ਤੇ ਉਹ ਬਚ ਗਏ। ਅਸੀਂ ਪਾਰਟੀ ਦੀ ਤਰਫੋਂ ਇਸ ਘਟਨਾ ਦੀ ਨਿਖੇਧੀ ਕਰਦੇ ਹਾਂ।



ਚੀਮਾ ਨੇ ਕਿਹਾ ਕਿ ਸਾਡੀ ਪਾਰਟੀ ਨੇ ਪੰਜਾਬ ਵਿੱਚ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਅੱਜ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕਰਨਾ ਚਾਹੁੰਦਾ ਹਾਂ ਕਿ ਕੀ ਦਰਬਾਰ ਸਾਹਿਬ ਦੇ ਬਾਹਰ ਅਜਿਹੇ ਸੇਵਾਦਾਰ 'ਤੇ ਹਮਲਾ ਕਰਨਾ ਗਲਤ ਨਹੀਂ ਹੈ। ਸੀਐਮ ਮਾਨ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਹਮਲਾਵਰ ਨੂੰ ਮੌਕੇ 'ਤੇ ਹੀ ਫੜ ਲਿਆ ਗਿਆ। ਚੀਮਾ ਨੇ ਕਿਹਾ ਕਿ ਮੈਂ ਸੁਰੱਖਿਆ ਕਰਮਚਾਰੀਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਦਲੇਰੀ ਨਾਲ ਉਨ੍ਹਾਂ ਨੂੰ ਬਚਾ ਲਿਆ।


ਕਾਂਗਰਸ ਨੇ ਵੀ ਉਠਾਏ ਸਵਾਲ


ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਅਸੀਂ ਇਸ ਘਟਨਾ ਦੀ ਨਿੰਦਾ ਕਰਦੇ ਹਾਂ। ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣਾ ਕੋਈ ਵੱਡੀ ਪ੍ਰਾਪਤੀ ਨਹੀਂ। ਮੈਂ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਾ ਹਾਂ।