ਫਿਰੋਜ਼ਪੁਰ - ਕਿਰਤੀ ਕਿਸਾਨ ਯੂਨੀਅਨ ਨੇ ਹੁਸੈਨੀਵਾਲਾ ਬਾਰਡਰ 'ਤੇ ਵਿਸ਼ਾਲ ਰੈਲੀ ਕਰਕੇ ਭਾਰਤ-ਪਾਕਿਸਤਾਨ ਵਪਾਰ ਨੂੰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖ੍ਹੋਲਣ ਲਈ ਜੋਰਦਾਰ ਆਵਾਜ਼ ਬੁਲੰਦ ਕੀਤੀ ਹੈ। ਰੈਲੀ ਵਿੱਚ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਆਪਣੀ ਉਪਜ ਸਮੇਤ ਹੋਰ ਵਰਗਾਂ ਨੂੰ ਵੀਜ਼ਾ ਸ਼ਰਤਾਂ ਖਤਮ ਕਰਕੇ ਪਾਸਪੋਰਟ ਤੇ ਸਿੱਧਾ ਵਪਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਨਿਰਯਾਤ ਉੱਪਰ 1200 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।


ਕਿਰਤੀ ਕਿਸਾਨ ਯੂਨੀਅਨ ਵੱਲੋਂ ਇਸ ਮੁੱਦੇ ਤੇ ਛੇੜੀ ਮੁਹਿੰਮ ਨੂੰ ਸਮਾਜ ਦੇ ਵੱਖ ਵੱਖ ਤਬਕਿਆਂ ਨੇ ਭਰਵਾਂ ਸਹਿਯੋਗ ਦਿੰਦਿਆਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ। ਸ਼ਾਮਲ ਹੋਣ ਵਾਲਿਆ ਵਿਚ ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ ,ਫੋਕਲੋਰ ਰਿਸਰਚ ਅਕੈਡਮੀ ਨਾਲ ਜੁੜੇ ਬੁੱਧੀਜੀਵੀ ਅਤੇ ਲੇਖਕਾਂ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਮੁਲਾਜ਼ਮ ਵਰਗ ਵੀ ਸ਼ਾਮਲ ਸਨ।


ਇੱਕਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੂੰ ਭਾਰਤ ਪਾਕਿਸਤਾਨ ਵਿਚਕਾਰ ਦੁਸ਼ਮਣੀ ਦੀ ਅੱਗ ਬਾਲਣ ਦੀ ਥਾਂ ਦੋਸਤਾਨਾ ਰਿਸ਼ਤਿਆਂ ਨੂੰ ਉਸਾਰਨ ਵੱਲ ਅੱਗੇ ਵਧਣਾ ਚਾਹੀਦਾ ਹੈ। ਇਸ ਸਾਂਝ ਨੂੰ ਉਸਾਰਨ ਵਿਚ ਭਾਰਤ ਪਾਕਿਸਤਾਨ ਵਪਾਰ ਇੱਕ ਮਹੱਤਵਪੂਰਨ ਕੜੀ ਹੈ।


ਭਾਰਤ ਸਰਕਾਰ ਨੇ 2019 ’ਚ ਪਾਕਿਸਤਾਨ ਨੂੰ ਵਪਾਰ ਲਈ ਅਨੁਕੂਲ ਦੇਸ਼ਾਂ ਦੀ ਸੂਚੀ ਵਿੱਚੋਂ ਖਾਰਜ ਕਰਕੇ ਗੈਰ-ਜ਼ਰੂਰੀ ਵਸਤਾਂ ਉੱਪਰ 200% ਰੈਗੂਲੇਟਰੀ ਡਿਊਟੀ ਲਗਾ ਦਿੱਤੀ ਸੀ। ਜਿਸ ਕਾਰਨ ਪੰਜਾਬ ਦੇ ਸੜਕੀ ਲਾਂਘਿਆਂ ਰਾਹੀ ਪਾਕਿਸਤਾਨ ਨਾਲ ਵਪਾਰ ਨਾ ਸਿਰਫ ਤਬਾਹ ਹੋ ਗਿਆ ਬਲਕਿ ਪੰਜਾਬ ਦੇ ਹਿੱਤਾਂ ਨੂੰ ਭਾਰੀ ਢਾਹ ਵੀ ਲੱਗੀ।


 ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1.35 ਅਰਬ ਡਾਲਰ ਦੀ ਰਕਮ ਦੇ ਲਗਭਗ ਵਪਾਰ ਹੋ ਰਿਹਾ ਹੈ ਪਰ ਇਹ ਵਪਾਰ ਜਿਆਦਾਤਰ ਅਡਾਨੀ ਦੀ ਮੁੰਦਰਾ ਬੰਦਰਗਾਹ (ਗੁਜਰਾਤ) ਤੋਂ ਸਮੁੰਦਰੀ ਰਸਤੇ ਰਾਹੀਂ ਹੁੰਦਾ ਹੈ। ਕੇਂਦਰ ਦੀ ਭਾਜਪਾ ਸਰਕਾਰ ਤੇ ਅਡਾਨੀ ਵਰਗੇ ਕਾਰਪੋਰੇਟ ਦੇ ਹਿੱਤ ਪੂਰਨ ਅਤੇ  ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਇਲਜਾਮ ਲਗਾਉਂਦਿਆਂ ਕਿਸਾਨ ਆਗੂਆਂ ਨੇ ਪੰਜਾਬ ਦੇ ਸੜਕੀ ਲਾਂਘਿਆਂ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਰਾਹੀਂ ਇਹ ਵਪਾਰ ਖ੍ਹੋਲਣ ਦੀ ਜ਼ੋਰਦਾਰ ਮੰਗ ਕੀਤੀ।