Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
ਖਨੌਰੀ ਬਾਰਡਰ 'ਤੇ 35 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ 'ਚ ਦਾਖਲ ਕਰਵਾਉਣ ਲਈ ਕੋਸ਼ਿਸ਼ ਕਰ ਰਹੀ ਹੈ।
Farmer Protest: ਖਨੌਰੀ ਬਾਰਡਰ 'ਤੇ 35 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ 'ਚ ਦਾਖਲ ਕਰਵਾਉਣ ਲਈ ਕੋਸ਼ਿਸ਼ ਕਰ ਰਹੀ ਹੈ। ਸਾਬਕਾ ADGP ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਖਨੌਰੀ ਸਰਹੱਦ ’ਤੇ ਪੁੱਜ ਗਈ ਹੈ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ DIG ਮਨਦੀਪ ਸਿੱਧੂ ਅਤੇ ਪਟਿਆਲਾ ਦੇ SSP ਨਾਨਕ ਸਿੰਘ ਵੀ ਮੌਜੂਦ ਹਨ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਤਬਦੀਲ ਕਰਨ ਲਈ ਕਿਹਾ ਹੈ। ਅਜਿਹਾ ਨਾ ਹੋਣ 'ਤੇ ਮੁੱਖ ਸਕੱਤਰ ਤੇ ਡੀਜੀਪੀ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਇਸ 'ਤੇ ਕੱਲ ਯਾਨੀ 31 ਦਸੰਬਰ ਨੂੰ ਮੁੜ ਸੁਣਵਾਈ ਹੋਵੇਗੀ।
ਅਜਿਹੇ 'ਚ ਕੱਲ੍ਹ (29 ਦਸੰਬਰ) ਨੂੰ ਵੀ ਪ੍ਰਸ਼ਾਸਨ ਦੀਆਂ ਟੀਮਾਂ ਨੇ ਖਨੌਰੀ ਸਰਹੱਦ 'ਤੇ ਪਹੁੰਚ ਕੇ ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਗੱਲਬਾਤ ਕੀਤੀ ਪਰ ਉਨ੍ਹਾਂ ਦੀ ਗੱਲਬਾਤ ਅਸਫਲ ਰਹੀ। ਡੱਲੇਵਾਲ ਨੇ ਬੀਤੀ ਰਾਤ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੋਰਚੇ ’ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਮੋਰਚੇ ਨੂੰ ਕੁਚਲਣ ਦੀ ਕੋਸ਼ਿਸ਼ ਹੈ।
ਉਧਰ, ਇਸ ਦੇ ਟਾਕਰੇ ਲਈ ਕਿਸਾਨਾਂ ਵੱਲੋਂ ਰਾਤ ਭਰ ਤੋਂ ਹੀ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਦੇਰ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖੁਦ ਫੇਸਬੁੱਕ ਉਤੇ ਲਾਈਵ ਹੋ ਕੇ ਕਿਸਾਨਾਂ ਨੂੰ ਖਨੌਰੀ ਬਾਰਡਰ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਹੋਰ ਕਿਸਾਨ ਲੀਡਰ ਵੀ ਐਕਟਿਵ ਨਜ਼ਰ ਆ ਰਹੇ ਹਨ। ਕਿਸਾਨ ਲੀਡਰਾਂ ਨੇ ਦੱਸਿਆ ਕਿ ਪੁਲੀਸ ਇੰਨੀ ਆਸਾਨੀ ਨਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਨਹੀਂ ਚੁੱਕ ਸਕਦੀ। ਜੇ ਪੁਲੀਸ ਤੇ ਪ੍ਰਸ਼ਾਸਨ ਡੱਲੇਵਾਲ ਨੂੰ ਜਬਰੀ ਚੁੱਕਣ ਲਈ ਕੋਈ ਜ਼ੁਲਮ-ਜਬਰ ਕੀਤਾ ਗਿਆ ਤਾਂ ਉਸ ਦਾ ਕਿਸਾਨ ਆਗੂ ਸਬਰ ਨਾਲ ਟਾਕਰਾ ਕਰਨਗੇ ਕਿਉਂਕਿ ਕਿਸਾਨ ਜਾਣਦੇ ਹਨ ਕਿ ਸਰਕਾਰ ਨਾਲ ਟਕਰਾਇਆ ਨਹੀਂ ਜਾ ਸਕਦਾ ਪਰ ਵਿਰੋਧ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਪਿਛਲੇ 10 ਮਹੀਨਿਆਂ ਤੋਂ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੀਆਂ ਹਨ। ਇਸ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ’ਤੇ 34 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ।