ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਹੋਏ ਗ੍ਰਨੇਡ ਧਮਾਕੇ ਤੋਂ ਬਾਅਦ ਪੂਰੇ ਸੂਬੇ ਵਿੱਚ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਦੇ ਬਾਵਜੂਦ ਗੁੰਡਾਗਰਦੀ ਜਾਰੀ ਹੈ। ਤਰਨ ਤਾਰਨ ਦੇ ਪਿੰਡ ਜੀਓਬਾਲਾ ਵਿੱਚ ਮਾਮੂਲੀ ਤਕਰਾਰ ਬਾਅਦ ਕੁਝ ਨੌਜਵਾਨਾਂ ਨੇ NRI ਨੂੰ ਗੋਲ਼ੀ ਮਾਰ ਕੇ ਉਸ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਇਸ ਮਾਮਲੇ ਸਬੰਧੀ ਧਾਰਾ 307 ਅਧੀਨ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਜਲਦੀ ਫੜਨ ਦਾ ਦਾਅਵਾ ਕੀਤਾ ਹੈ।

ਪਿੰਡ ਵਾਸੀ ਹਰਭਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਹਫ਼ਤੇ ਦੁਬਈ ਤੋਂ ਵਾਪਸ ਆਇਆ ਸੀ। ਪਿੰਡ ਦੇ ਕੁਝ ਲੋਕਾਂ ਨਾਲ ਉਸ ਦੀ ਤਕਰਾਰ ਹੋ ਗਈ ਸੀ। ਇਸ ਦੀ ਰੰਜ਼ਿਸ਼ ਕਰਕੇ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਹਰਭਿੰਦਰ ਸਿੰਘ ਦੇ ਲੱਤ ’ਤੇ ਇੱਕ ਗੋਲ਼ੀ ਲੱਗੀ। ਉਸ ਨੇ ਕਿਹਾ ਕਿ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਉਸ ਦੀ ਜਾਨ ਨੂੰ ਖ਼ਤਰਾ ਹੈ।

ਇਸ ਸਬੰਧੀ ਥਾਣਾ ਮੁਖੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਜਲਦੀ ਹੀ ਉਹ ਮੁਲਜ਼ਮਾਂ ਨੂੰ ਕਾਬੂ ਕਰ ਲੈਣਗੇ।